
PRIME INDIAN NEWS✍️H S CHAWLA
ਪੈਰਿਸ, (PIN):- ਸ਼੍ਰੋਮਣੀ ਅਕਾਲੀ ਦਲ ਨੂੰ ਯੂਰਪ ਤੋਂ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਫਰਾਂਸ ਅਤੇ ਯੂਰਪ ਵਿੱਚ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਦੀ ਪ੍ਰੇਰਨਾ ਸਦਕਾ ਸੁਰਜੀਤ ਸਿੰਘ ਮਾਣਾ, ਗੁਰਵਿੰਦਰ ਸਿੰਘ ਗਿੰਦਾ, ਹੈਰੀ ਗੁਰਦਾਸਪੁਰ, ਗੈਰੀ ਬਟਾਲਾ, ਸਾਗਰ ਰਾਮ ਟਾਹਲੀ ਬੱਲਾ, ਗੁਰਨਾਮ ਸਿੰਘ ਨੰਗਲ ਲੁਬਾਣਾ, ਅਭੈ ਹਰਿਆਣਾ ਅਤੇ ਗੁਰਕੀਰਤ ਸਿੰਘ ਜਲੰਧਰ ਸਮੇਤ ਹੋਰ ਨੌਜਵਾਨ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਅਤੇ ਉਨ੍ਹਾਂ ਪਾਰਟੀ ਨੂੰ ਹੋਰ ਵੀ ਮਜ਼ਬੂਤ ਕਰਨ ਦਾ ਪ੍ਰਣ ਲਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਇਕ ਸਿਆਸੀ ਪਾਰਟੀ ਹੀ ਨਹੀਂ, ਸਗੋਂ ਪੰਜਾਬ ਦੀਆਂ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਨੁਮਾਇੰਦਗੀ ਕਰਨ ਵਾਲੀ ਜਮਾਤ ਹੈ ਜੋਕਿ ਹਮੇਸ਼ਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਨਾਲ ਨਾਲ ਆਮ ਲੋਕਾਂ ਦੇ ਹਿਤਾਂ ਦੀ ਰਾਖੀ ਡੱਟ ਕੇ ਖੜਦੀ ਆ ਰਹੀ ਹੈ।
ਸ. ਭੱਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਇਹਨਾਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਅੱਜ ਯੂਰਪ ਭਰ ਵਿੱਚ ਵੱਸਦੇ NRI ਪੰਜਾਬੀ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ‘ਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲਈ ਭਾਰੀ ਉਤਸ਼ਾਹ ਦਿਖਾ ਰਹੇ ਹਨ।
ਸ. ਭੱਟੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਪੰਜਾਬ ਵਾਸੀ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਵਿਕਾਸਸ਼ੀਲ ਸਰਕਾਰ ਬਣਾ ਕੇ ਸੂਬੇ ਨੂੰ ਮੁੜ ਤੋਂ ਹੱਸਦਾ ਵੱਸਦਾ ਰੰਗਲਾ ਪੰਜਾਬ ਬਣਾਉਣਗੇ।
ਅੰਤ ਵਿੱਚ ਸ. ਇਕਬਾਲ ਸਿੰਘ ਭੱਟੀ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਹ ਸਾਰੇ ਇਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।


































































