
ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਇਟਲੀ ਯੂਨਿਟ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਭੁੰਗਰਨੀ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਯੂਰਪ ਸ. ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗੂ ਖੜਾ ਹੈ ਅਤੇ ਖੜਾ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁਝ ਅਕਾਲੀ ਆਗੂਆਂ ਵਲੋਂ ਜੋ ਪਾਰਟੀ ਪ੍ਰਧਾਨ ਵਿਰੁੱਧ ਪ੍ਰਚਾਰ ਕੀਤਾ ਜਾ ਰਿਹਾ ਹੈ, ਉਹ ਅਰਥਹੀਣ ਅਤੇ ਸਚਾਈ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਨੂੰ ਬਦਲਣ ਦੀ ਗੱਲ ਕਰਨ ਵਾਲੇ ਇਹ ਕਿਉਂ ਭੁੱਲ ਰਹੇ ਹਨ ਕਿ ਇਹ ਉਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੈ, ਜਿਸ ਕੋਲ ਇਹ ਸੁਨੇਹੇ ਭੇਜ ਭੇਜ ਕੇ ਵਾਪਿਸ ਪਾਰਟੀ ਵਿੱਚ ਸ਼ਾਮਿਲ ਹੋਏ ਸਨ।
ਜਥੇਦਾਰ ਭੁੰਗਰਨੀ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਭਰਵਾਂ ਹੁੰਗਾਰਾ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਹੀ ਹਨ ਅਤੇ ਉਹ ਹੀ ਪ੍ਰਧਾਨ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਯੂਰਪ ਦੀ ਸਮੁੱਚੀ ਲੀਡਰਸ਼ਿਪ ਸ. ਸੁਖਬੀਰ ਸਿੰਘ ਬਾਦਲ ਨਾਲ ਖੜੀ ਹੈ। ਇਨ੍ਹਾਂ ਪੰਜ ਸੱਤ ਜਣਿਆ ਤੋਂ ਇਲਾਵਾ ਪਾਰਟੀ ਵਿੱਚ ਹੋਰ ਕਿਸੇ ਦਾ ਕੋਈ ਰੌਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸ਼ਾਖ ਨੂੰ ਬਰਕਰਾਰ ਰੱਖਣ ਲਈ ਸਾਨੂੰ ਅਕਾਲੀ ਦਲ ਵਿੱਚ ਫੁੱਟ ਪੁਆਉਣ ਵਾਲੇ ਇਹਨਾਂ ਅਖੌਤੀ ਆਗੂਆਂ ਤੋਂ ਸਾਵਧਾਨ ਰਹਿਣਾ ਹੋਵੇਗਾ।





























