
ਜ਼ਿਲ੍ਹੇ ਵਿੱਚ ਕੁੱਲ 900 ਕੈਂਪ ਲਾਉਣ ਦਾ ਖਾਕਾ ਉਲੀਕਿਆ , ਡਿਪਟੀ ਕਮਿਸ਼ਨਰ ਵਲੋਂ ਕਡਿਆਣਾ ਵਿਖੇ ਕੈਂਪ ਦਾ ਦੌਰਾ
ਅਧਿਕਾਰੀਆਂ ਨੂੰ ਕੈਂਪਾਂ ਵਿਚ ਹਰ ਯੋਗ ਬਿਨੈਕਾਰ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਮਿਲਣਾ ਯਕੀਨੀ ਬਣਾਉਣ ਦੇ ਹੁਕਮ
ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ‘ ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਨੂੰ ਪਹਿਲੇ ਦਿਨ ਭਰਵਾਂ ਹੁੰਗਾਰਾ ਮਿਲਿਆ। ਜਿਲ੍ਹੇ ਵਿਚ 32 ਥਾਵਾਂ ’ਤੇ ਲਾਏ ਗਏ ਕੈਂਪਾਂ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਕੈਂਪਾਂ ਦੌਰਾਨ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਲਿਆ। ਜਿਲ੍ਹੇ ਵਿਚ ਲੋਕਾਂ ਨੂੰ 44 ਤਰ੍ਹਾਂ ਦੀਆਂ ਸੇਵਾਵਾਂ ਘਰ ਨੇੜੇ ਦੇਣ ਲਈ ਲਗਭਗ 900 ਕੈਂਪ ਲਗਾਏ ਜਾਣ ਦਾ ਖਾਕਾ ਉਲੀਕਿਆ ਗਿਆ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵਲੋਂ ਜਲੰਧਰ ਜਿਲ੍ਹੇ ਦੇ ਪਿੰਡ ਕਡਿਆਣਾ ਵਿਖੇ ਕੈਂਪ ਦਾ ਦੌਰਾ ਕਰਕੇ ਜਿੱਥੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ, ਉੱਥੇ ਹੀ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਜਿਲ੍ਹੇ ਦੀਆਂ 6 ਸਬ ਡਵੀਜ਼ਨਾਂ ਵਿਖੇ ਕੁੱਲ 32 ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨਾਂ ਵਿਚ ਜਲੰਧਰ-1 ਵਿਖੇ 4, ਜਲੰਧਰ-2 ਵਿਖੇ 4, ਆਦਮਪੁਰ ਵਿਖੇ 4, ਨਕੋਦਰ ਵਿਚ 5, ਸ਼ਾਹਕੋਟ ਵਿਚ 6 ਤੇ ਫਿਲੌਰ ਵਿਖੇ 8 ਕੈਂਪ ਲਗਾਏ ਗਏ।

ਡਿਪਟੀ ਕਮਿਸ਼ਨਰ ਨੇ ਕੈਂਪਾਂ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਬਿਨੈਕਾਰ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਕੈਂਪਾਂ ਦੌਰਾਨ ਬਿਨੈਕਾਰਾਂ ਦੀ ਸਹੂਲਤ ਲਈ ਹੈਲਪ ਡੈਸਕ ਬਣਾਕੇ ਉਨ੍ਹਾਂ ਨੂੰ ਫਾਰਮ ਭਰਨ ਆਦਿ ਵਿਚ ਵੀ ਸਹਾਇਤਾ ਦਿੱਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਨਾਂ ਕੈਂਪਾਂ ਰਾਹੀਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਣ।
ਦੱਸਣਯੋਗ ਹੈ ਕਿ ਇਨ੍ਹਾਂ ਕੈਂਪਾਂ ਰਾਹੀਂ ਲੋਕ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਦੀਆਂ ਸੇਵਾਵਾਂ ਲੈ ਸਕਦੇ ਹਨ।





























