
ਅੰਮ੍ਰਿਤਸਰ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਵੱਲੋਂ ਲਗਾਏ ਗਏ ਦੋਸ਼ਾਂ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਾਹਮਣੇ ਪੇਸ਼ ਹੋ ਕੇ ਬੰਦ ਲਿਫ਼ਾਫ਼ੇ ‘ਚ ਆਪਣਾ ਸਪਸ਼ਟੀਕਰਨ ਸੌਂਪ ਦਿੱਤਾ। ਹੁਣ ਪੰਜ ਸਿੰਘ ਸਾਹਿਬਾਨ ਇਸ ‘ਤੇ ਚਰਚਾ’ ਮਗਰੋਂ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੂੰ ਤਲਬ ਕਰ ਕੇ ਫ਼ੈਸਲਾ ਸੁਣਾਉਣਗੇ। ਖ਼ਾਸ ਗੱਲ ਇਹ ਰਹੀ ਕਿ ਸੁਖਬੀਰ ਬਾਦਲ ਨੇ ਇਹ ਸਪਸ਼ਟੀਕਰਨ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਹੋਣ ਦੇ ਨਾਤੇ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਦੇ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਮੇਤ ਕਈ ਆਗੂਆਂ ਨੇ ਪਹਿਲੀ ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਲਿਖਤੀ ਰੂਪ ‘ਚ ਸਾਲ 2007 ਤੋਂ ਲੈ ਕੇ 2017 ਤੱਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਭੁੱਲਾਂ ਲਈ ਖ਼ੁਦ .ਨੂੰ ਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੋਸ਼ੀ ਮੰਨਦਿਆਂ ਸਜ਼ਾ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਬਾਗ਼ੀ ਧੜੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਵੀ ਡੇਰਾ ਮੁਖੀ ਦੀ ਮਾਫ਼ੀ ਸਬੰਧੀ 90 ਲੱਖ ਰੁਪਏ ਦੇ ਇਸ਼ਤਿਹਾਰ ਜਾਰੀ ਕਰਨ ‘ਤੇ ਸਵਾਲ ਉਠਾਇਆ ਸੀ। ਇਸ ‘ਤੇ 15 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਬੈਠਕ ‘ਚ ਚਰਚਾ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ 15 ਦਿਨਾਂ ਦੇ ਅੰਦਰ ਸਪਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਗਿਆ ਸੀ।
ਸੁਖਬੀਰ ਸਿੰਘ ਬਾਦਲ ਦੁਪਹਿਰ 1.20 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਉਪਰੰਤ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ‘ਚ ਜਥੇਦਾਰ ਰਘਬੀਰ ਸਿੰਘ ਦੇ ਸਾਹਮਣੇ ਪੇਸ਼ ਹੋਏ। ਤਕਰੀਬਨ 15 ਮਿੰਟ ਤੋਂ ਬਾਅਦ ਉਹ ਬਾਹਰ ਆਏ ਤੇ ਮੀਡੀਆ ਨਾਲ ਗੱਲਬਾਤ ਕੀਤੇ ਬਿਨਾਂ ਵਾਪਸ ਪਰਤ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਦਰਬਾਰਾ ਸਿੰਘ ਗੁਰੂ, ਮਹੇਸ਼ਇੰਦਰ ਸਿੰਘ ਗਰੇਵਾਲ ਵੀ ਉਨ੍ਹਾਂ ਦੇ ਨਾਲ ਸਨ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ‘ਤੇ ਆਉਣ ਵਾਲੇ ਸਮੇਂ ‘ਚ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਚਾਰ ਕੀਤਾ ਜਾਵੇਗਾ। ਹਾਲਾਂਕਿ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਸਪੱਸ਼ਟੀਕਰਨ ‘ਚ ਕੀ ਲਿਖਿਆ ਹੈ ਇਸ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਸਪਸ਼ਟੀਕਰਨ ਬੰਦ ਲਿਫ਼ਾਫ਼ੇ ‘ਚ ਹੈ ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਹੀ ਖੋਲ੍ਹਿਆ ਜਾਵੇਗਾ।
ਐੱਸਜੀਪੀਸੀ ਪ੍ਰਧਾਨ ਧਾਮੀ ਨੇ ਵੀ ਦਿੱਤਾ ਸਪਸ਼ਟੀਕਰਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2015 ‘ਚ 90 ਲੱਖ ਰੁਪਏ ਦੇ ਦਿੱਤੇ ਇਸ਼ਤਿਹਾਰਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਜਥੇਦਾਰ ਰਘਬੀਰ ਸਿੰਘ ਨੂੰ ਬੰਦ ਲਿਫ਼ਾਫ਼ੇ ‘ਚ ਸਪੱਸ਼ਟੀਕਰਨ ਸੌਂਪਿਆ। ਧਾਮੀ ਨੇ ਕਿਹਾ ਕਿ ਇਸ ‘ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਬੇਸ਼ੱਕ ਸਾਲ 2015 ‘ਚ ਉਪਰੋਕਤ ਘਟਨਾਵਾਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਤੱਤਕਾਲੀ ਪ੍ਰਧਾਨ ਅਵਤਾਰ ਸਿੰਘ ਮੱਕੜ ਸਨ, ਪਰ ਇਸ ਦੇ ਬਾਵਜੂਦ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਨੇ ਬੰਦ ਲਿਫ਼ਾਫ਼ੇ ‘ਚ ਸਪਸ਼ਟੀਕਰਨ ਜਥੇਦਾਰ ਨੂੰ ਸੌਂਪ ਦਿੱਤਾ ਹੈ। ਭਵਿੱਖ ‘ਚ ਵੀ ਸਿੰਘ ਸਾਹਿਬਾਨ ਇਸ ਸਬੰਧੀ ਜੋ ਵੀ ਹੁਕਮ ਦੇਣਗੇ, ਉਸ ਨੂੰ ਮੰਨਿਆ ਜਾਵੇਗਾ। ਇਸ ਮੌਕੇ ਸਕੱਤਰ ਪ੍ਰਤਾਪ ਸਿੰਘ, ਅਲਵਿੰਦਰਪਾਲ ਸਿੰਘ ਪੱਖੋਕੇ, ਗੁਰਚਰਨ ਸਿੰਘ ਗਰੇਵਾਲ ਵੀ ਮੌਜੂਦ ਸਨ।





























