
ਹੜ੍ਹ ਪੀੜਤਾਂ ਦੀ ਸਹਾਇਤਾ ਕਰਨਾ ਸਾਡਾ ਸਭ ਦਾ ਨੈਤਿਕ ਫਰਜ਼ – ਡਿਪਟੀ ਕਮਿਸ਼ਨਰ
ਜਲੰਧਰ, ਐਚ ਐਸ ਚਾਵਲਾ। ਹਾਲ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਜ਼ਿਲ੍ਹੇ ਦੇ ਵੱਖ-ਵੱਖ ਵਰਗਾਂ ਦੇ ਲੋਕ ਅੱਗੇ ਆ ਰਹੇ ਹਨ। ਇਸੇ ਕੜੀ ਤਹਿਤ ਨਾਰਦਨ ਰੀਜਨ ਐਕਸਪੋਰਟਰ ਫੋਰਮ ਵੱਲੋਂ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ 6 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਸੌਂਪਿਆ ਗਿਆ।
ਇਸ ਮੌਕੇ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸੰਦੀਪ ਰਿਸ਼ੀ, ਫੋਰਮ ਦੇ ਚੇਅਰਮੈਨ ਗੌਤਮ ਕਪੂਰ, ਵਾਈਸ ਪ੍ਰਧਾਨ ਕੁਮਾਰ ਵਾਸਨ ਅਤੇ ਆਨਰੇਰੀ ਸਕੱਤਰ ਗੁਨੀਤ ਰਾਣਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਮਨੁੱਖਤਾ ਦੀ ਸੇਵਾ ਲਈ ਫੋਰਮ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਵਿਚ ਬਹੁਤ ਸਾਰੇ ਲੋਕ ਘਰੋਂ ਬੇਘਰ ਹੋਏ ਹਨ, ਜਿਨ੍ਹਾਂ ਦੇ ਰਹਿਣ-ਸਹਿਣ, ਖਾਣ ਪੀਣ ਅਤੇ ਰੋਜ਼ਮਰਾ ਦੀਆਂ ਹੋਰ ਜ਼ਰੂਰਤਾਂ ਲਈ ਸਹਿਯੋਗ ਕਰਨਾ ਸਾਡਾ ਸਭ ਦਾ ਨੈਤਿਕ ਫਰਜ਼ ਹੈ।
ਡਾ. ਅਗਰਵਾਲ ਨੇ ਕਿਹਾ ਕਿ ਫੋਰਮ ਦਾ ਇਹ ਯੋਗਦਾਨ ਹੋਰਨਾਂ ਨੂੰ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮਦਦ ਦਾ ਹੱਥ ਵਧਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਹੜ੍ਹ ਪੀੜਤਾਂ ਦੀ ਮਦਦ ਲਈ ਜੁਟੀ ਹੋਈ ਹੈ। ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ, ਦਾਨੀ ਸੱਜਣਾਂ ਵੱਲੋਂ ਵੀ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ, ਜੋ ਹੜ੍ਹ ਪੀੜਤਾਂ ਦੀ ਮਦਦ ਲਈ ਸਹਿਯੋਗ ਕਰਨਾ ਚਾਹੁੰਦਾ ਹੈ, ਉਹ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਸਹਾਇਤਾ ਰਾਸ਼ੀ ਦੇ ਸਕਦਾ ਹੈ।





























