
ਕਿਹਾ- ਸ਼੍ਰੋਮਣੀ ਅਕਾਲੀ ਦਲ ਯੂਰਪ ਦੀ ਸਮੁੱਚੀ ਲੀਡਰਸ਼ਿਪ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੂਰਨ ਭਰੋਸਾ
ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਪਾਰਟੀ ਪ੍ਰਤੀ ਦਿੱਤੀਆਂ ਗਈਆਂ ਦਲੀਲਾਂ ਦੀ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ ਪ੍ਰਸ਼ੰਸ਼ਾ ਕੀਤੀ ਹੈ। ਡਾ. ਚੀਮਾ ਵਲੋਂ ਮੀਡੀਆ ਦੇ ਰੂ ਬ ਰੂ ਹੋ ਕੇ ਦਿੱਤੀ ਜਾਣਕਾਰੀ ਦੀ ਸ਼ਲਾਘਾ ਕਰਦਿਆਂ ਸ. ਭੱਟੀ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਜਿਹੜੇ ਆਗੂਆਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤੇ ਹਨ, ਉਹਨਾਂ ਲਈ ਪਾਰਟੀ ਦੇ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ ਹੈ ਅਤੇ ਪਾਰਟੀ ਵਰਕਰ ਅਜਿਹੇ ਤੱਤਾਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰਨਗੇ।
ਸ. ਭੱਟੀ ਨੇ ਡਾ. ਚੀਮਾ ਵਲੋਂ ਦਿੱਤੇ ਗਏ ਸਪਸ਼ਟੀਕਰਨ ਦੀ ਹਾਮੀ ਭਰਦਿਆਂ ਕਿਹਾ ਕਿ ਪਾਰਟੀ ਦਾ ਇਕ ਸੰਵਿਧਾਨ ਹੈ ਅਤੇ ਚੁਣੇ ਹੋਏ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਹਨ ਅਤੇ ਪ੍ਰਧਾਨ ਦੀ ਚੋਣ ਨਿਯਮਾਂ ਮੁਤਾਬਕ ਲੋਕਤੰਤਰੀ ਪ੍ਰਕਿਰਿਆ ਅਨੁਸਾਰ ਹੁੰਦੀ ਹੈ। ਉਹਨਾਂ ਕਿਹਾ ਕਿ ਪਾਰਟੀ ਦਫਤਰ ਵੀ ਪ੍ਰਧਾਨ ਵੱਲੋਂ ਦਿੱਤੇ ਜਾਂਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਚਲਾਇਆ ਜਾਂਦਾ ਹੈ ਅਤੇ ਕੋਈ ਵੀ ਪ੍ਰਧਾਨ ਦੀ ਲੀਡਰਸ਼ਿਪ ਨੂੰ ਚੁਣੌਤੀ ਦੇ ਕੇ ਪਾਰਟੀ ਦਫਤਰ ਵਿਚ ਮੀਟਿੰਗਾਂ ਨਹੀਂ ਕਰ ਸਕਦਾ।
ਸ. ਭੱਟੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਹਲਕਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਇਸਤਰੀ ਅਕਾਲੀ ਦਲ, ਐਸ ਸੀ ਵਿੰਗ, ਓ ਬੀ ਸੀ ਵਿੰਗ ਤੇ ਯੂਥ ਅਕਾਲੀ ਦਲ ਸਮੇਤ ਵੱਖ-ਵੱਖ ਵਿੰਗਾਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਤੋਂ ਇਹ ਸਪਸ਼ਟ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸ. ਬਾਦਲ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵੀ ਮੀਟਿੰਗ ਕੀਤੀ ਗਈ। ਆਪਣੇ ਆਪ ਨੂੰ ਅਕਾਲੀ ਦਲ ਦੇ ਬਾਗੀ ਕਹਾਉਣ ਵਾਲਿਆਂ ਨੇ ਇਹਨਾਂ ਮੀਟਿੰਗਾਂ ਵਿਚ ਭਾਗ ਨਹੀਂ ਲਿਆ ਜਦਕਿ ਸਾਰਿਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ।
ਸ-ਭੱਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਯੂਰਪ ਦੀ ਸਮੁੱਚੀ ਲੀਡਰਸ਼ਿਪ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੂਰਨ ਭਰੋਸਾ ਹੈ।





























