
ਜਲੰਧਰ, ਐਚ ਐਸ ਚਾਵਲਾ। ਆਜ਼ਾਦੀ ਦਿਵਸ ਮੌਕੇ ਸ਼ਹਿਰ ਵਿੱਚ ਅਮਨ-ਕਾਨੂੰਨ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮਾਣਯੋਗ ਸ੍ਰੀ ਸਤਿੰਦਰ ਸਿੰਘ, ਆਈ.ਪੀ.ਐਸ, ਕਮਿਸ਼ਨਰ ਆਫ਼ ਪੁਲਿਸ ਜਲੰਧਰ ਦੀ ਅਗਵਾਈ ਹੇਠ ਅੱਜ ਜਲੰਧਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਵਿੱਚ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ, ਪੀ.ਪੀ.ਐਸ. ਡੀ.ਸੀ.ਪੀ. ਇਨਵੈਸਟੀਗੇਸ਼ਨ ਅਤੇ ਸ੍ਰੀ ਪਰਮਿੰਦਰ ਸਿੰਘ, ਪੀ.ਪੀ.ਐਸ., ਡੀ.ਸੀ.ਪੀ. ਹੈੱਡਕੁਆਰਟਰ ਸਮੇਤ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਵੱਖ-ਵੱਖ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।

ਫਲੈਗ ਮਾਰਚ ਦੌਰਾਨ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ, ਸੰਵੇਦਨਸ਼ੀਲ ਇਲਾਕਿਆਂ, ਮੁੱਖ ਸੜਕਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ ਦਾ ਦੌਰਾ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਖ਼ਤ ਚੌਕਸੀ ਰੱਖਣ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਵਧਾਉਣ ਅਤੇ ਸੰਵੇਦਨਸ਼ੀਲ ਸਥਾਨਾਂ ਤੇ ਪੁਲਿਸ ਦੀ ਮੌਜੂਦਗੀ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਕਮਿਸ਼ਨਰ ਆਫ਼ ਪੁਲਿਸ ਜਲੰਧਰ ਨੇ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਵਿੱਚ ਲਗਾਤਾਰ ਪੈਟਰੋਲਿੰਗ, ਨਾਕਾਬੰਦੀ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਟੀਮਾਂ ਪੂਰੀ ਤਰ੍ਹਾਂ ਚੌਕਸ ਹਨ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦੀ ਦਿਵਸ ਦੇ ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 15 ਅਗਸਤ ਦੇ ਮੱਦੇਨਜ਼ਰ “ਸੁਰੱਖਿਅਤ ਜਲੰਧਰ – ਸ਼ਾਂਤਮਈ ਆਜ਼ਾਦੀ ਦਿਵਸ” ਲਈ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
















