
ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿਜੀਲੈਂਸ ਬਿਊਰੋ ਨੂੰ ਦਿੱਤਾ ਜਾਵੇ ਸਹਿਯੋਗ – ਰਾਜੇਸ਼ਵਰ ਸਿੰਘ ਸਿੱਧੂ
ਭ੍ਰਿਸ਼ਟਾਚਾਰ ਵਿਰੁੱਧ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਚੁੱਕੀ ਸਹੁੰ
ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਵਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਆਚਰਣ’ ਵਿਸ਼ੇ ਤਹਿਤ ਵਿਜੀਲੈਂਸ ਜਾਗਰੂਕਤਾ ਹਫ਼ਤਾ 28 ਅਕਤੂਬਰ ਤੋਂ 3 ਨਵੰਬਰ 2024 ਤੱਕ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਵਲੋਂ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਭ੍ਰਿਸ਼ਟਾਚਾਰ ਮੁਕਤ ਸਮਾਜ ਦੇਣ ਲਈ ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਅਤੇ ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਸਹੁੰ ਚੁੱਕੀ ਗਈ।
ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਵੀਡੀਓ ਕਾਨਫਰੰਸ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਦੋਆਬਾ ਕਾਲਜ ਜਲੰਧਰ, ਸੀਟੀ ਕਾਲਜ ਮਕਸੂਦਾਂ, ਐਮ.ਜੀ.ਐਨ ਪਬਲਿਕ ਸਕੂਲ ਜਲੰਧਰ ਦੇ ਪ੍ਰਿੰਸੀਪਲਾਂ, ਪ੍ਰੋਫੈਸਰਾਂ ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ ਅਤੇ ਸਮਾਜ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਹੁੰ ਚੁੱਕੀ ਗਈ।
ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਯੂਨਿਟ ਜਲੰਧਰ ਵਲੋਂ ਖਾਲਸਾ ਕਾਲਜ (ਲੜਕੀਆਂ) ਵਿਖੇ ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਜਲੰਧਰ ਰਾਜੇਸ਼ਵਰ ਸਿੰਘ ਸਿੱਧੂ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ, ਐਸ.ਪੀ. (ਹੈਡਕੁਆਰਟਰ) ਮੁਖਤਿਆਰ ਰਾਏ, ਡੀ.ਐਸ.ਪੀ. ਗਗਨਦੀਪ ਸਿੰਘ ਅਤੇ ਖਾਲਸਾ ਕਾਲਜ (ਲੜਕੀਆਂ) ਜਲੰਧਰ ਦੇ ਪ੍ਰਿੰਸੀਪਲ ਨਵਜੋਤ, ਪ੍ਰੋਫੈਸਰ ਅਤੇ ਕਾਲਜ ਦੇ ਵਿਦਿਆਰਥੀ ਸ਼ਾਮਲ ਹੋਏ।
ਇਸ ਮੌਕੇ ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਰਾਜੇਸ਼ਵਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ ਅਤੇ ਪ੍ਰਿੰਸੀਪਲ ਖਾਲਸਾ ਕਾਲਜ (ਲੜਕੀਆਂ) ਨਵਜੋਤ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹਰੇਕ ਨੂੰ ਅੱਗੇ ਆ ਕੇ ਭ੍ਰਿਸ਼ਟਾਚਾਰ ਸਬੰਧੀ ਵੱਧ ਤੋਂ ਵੱਧ ਸੂਚਨਾ ਵਿਜੀਲੈਂਸ ਵਿਭਾਗ ਨੂੰ ਦੇਣ ਲਈ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਬੁਲਾਰਿਆਂ ਵਲੋਂ ਭ੍ਰਿਸ਼ਟਾਚਾਰ ਨੂੰ ਨਕੇਲ ਪਾਉਣ ਅਤੇ ਵਿਜੀਲੈਂਸ ਬਿਊਰੋ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਸੈਮੀਨਾਰ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਪੈਂਫਲੈੱਟ ਵੀ ਤਕਸੀਮ ਕੀਤੇ ਗਏ।





























