PRIME INDIAN NEWS ✒️ H S CHAWLA
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੁਖਬੀਰ ਬਾਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਆਪਣਾ ਅਸਤੀਫਾ ਸੌਂਪਿਆ ਹੈ। ਸੁਖਬੀਰ ਬਾਦਲ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਹਨਾਂ ਦੀ ਲੀਡਰਸ਼ਿਪ ਵਿੱਚ ਵਿਸ਼ਵਾਸ ਜਤਾਉਣ ਅਤੇ ਉਹਨਾਂ ਦੇ ਪੂਰੇ ਕਾਰਜਕਾਲ ਦੌਰਾਨ ਪੂਰਨ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ ਤਾਂ ਜੋ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕੀਤਾ ਜਾ ਸਕੇ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਉਨ੍ਹਾਂ ਦੇ ਪੂਰੇ ਕਾਰਜਕਾਲ ਦੌਰਾਨ ਦਿਲੋਂ ਸਮਰਥਨ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ।
ਸ. ਚੀਮਾ ਨੇ ਇਸ ਨੂੰ ਰੁਟੀਨ ਪਾਰਟੀ ਪ੍ਰਕਿਰਿਆ ਦੱਸਦਿਆਂ ਕਿਹਾ ਹੈ ਕਿ ਪਾਰਟੀ ਪ੍ਰਧਾਨ ਦੀ ਚੋਣ ਦਸੰਬਰ 2019 ਵਿੱਚ ਹੋਈ ਸੀ ਅਤੇ ਪੰਜ ਸਾਲ ਦਾ ਕਾਰਜਕਾਲ 14 ਦਸੰਬਰ ਨੂੰ ਪੂਰਾ ਹੋਣ ਜਾ ਰਿਹਾ ਹੈ। ਇਸ ਲਈ ਪ੍ਰਧਾਨ ਦੇ ਅਹੁਦੇ ਲਈ ਮੁੜ ਚੋਣਾਂ ਹੋਣਗੀਆਂ ਅਤੇ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਤੋਂ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ 2024 ਦਿਨ ਸੋਮਵਾਰ ਨੂੰ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਵੀ ਚਰਚਾ ਕੀਤੀ ਜਾਵੇਗੀ।
















