
ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਇੱਕ ਨਸ਼ਾ ਤਸਕਰ ਨੂੰ 14 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।

ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸੂਰਜ ਚੰਦਰ ਪੁੱਤਰ ਸੁਭਾਸ਼ ਚੰਦਰ ਵਾਸੀ ਨਿਊ ਦਸਮੇਸ਼ ਨਗਰ, ਜਲੰਧਰ, ਨੇਹਰ ਪੁਲੀ ਕੋਟ ਸਿੱਦੀਕ ਦੇ ਆਸ-ਪਾਸ ਨਜਾਇਜ਼ ਸ਼ਰਾਬ ਵੇਚਦਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਸ਼ੀ ਨੂੰ ਚਿੱਟੇ ਰੰਗ ਦੀ ਹੌਂਡਾ ਅਮੇਜ਼ ਕਾਰ ਸਮੇਤ ਕਾਬੂ ਕਰ ਲਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਵਾਹਨ ਦੀ ਤਲਾਸ਼ੀ ਦੌਰਾਨ ਵੱਖ-ਵੱਖ ਲੇਬਲਾਂ ਦੀ ਨਾਜਾਇਜ਼ ਸ਼ਰਾਬ ਦੀਆਂ ਕੁੱਲ 14 ਪੇਟੀਆਂ ਬਰਾਮਦ ਕੀਤੀਆਂ ਹਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਖਿਲਾਫ ਐਫ.ਆਈ.ਆਰ ਨੰਬਰ 02 ਮਿਤੀ 26.01.2025 ਨੂੰ ਆਬਕਾਰੀ ਐਕਟ ਦੀ ਧਾਰਾ 61-1-14 ਅਧੀਨ ਥਾਣਾ ਡਵੀਜ਼ਨ ਨੰ: 02, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ, ਜੇਕਰ ਕੋਈ ਹਨ, ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।





























