ਦੇਸ਼ਦੁਨੀਆਂਪੰਜਾਬ

ਨਿਵੇਕਲੀ ਪਹਿਲ : ਡਿਪਟੀ ਕਮਿਸ਼ਨਰ ਨੇ ਜਨਤਾ ਵਿੱਚ ਜਾ ਕੇ ਸੁਣੀਆਂ ਸਮੱਸਿਆਵਾਂ , ਮੁਸ਼ਕਿਲਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ‘ਚ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਕਮੀ – ਡਾ. ਅਗਰਵਾਲ

ਕਿਹਾ – ਜ਼ਿਲ੍ਹੇ ਦੇ 35 ਸੇਵਾ ਕੇਂਦਰਾਂ ‘ਚ ਆਏ 3,61,543 ਬਿਨੈ ਪੱਤਰਾਂ ਦਾ ਕੀਤਾ ਨਿਪਟਾਰਾ

ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਜਨਤਾ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਇਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਵੇਟਿੰਗ ਰੂਮ ਵਿੱਚ ਜਾ ਕੇ ਲੋਕਾਂ ਦੇ ਮਸਲੇ ਬੜੇ ਗਹੁ ਨਾਲ ਸੁਣਦਿਆਂ ਜਿੱਥੇ ਇਨ੍ਹਾਂ ਦੇ ਢੁੱਕਵੇਂ ਹੱਲ ਦਾ ਭਰੋਸਾ ਦਿਵਾਇਆ, ਉੱਥੇ ਇਹ ਵੀ ਵਚਨਬੱਧਤਾ ਦੁਹਰਾਈ ਕਿ ਜ਼ਿਲ੍ਹਾ ਵਾਸੀਆਂ ਨੂੰ ਸੇਵਾਵਾਂ ਪ੍ਰਾਪਤ ਕਰਨ ਲਈ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਡਾ. ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਆਪ ਦੇ ਦੁਆਰ’ ਤਹਿਤ ਜਨਤਾ ਦੇ ਵਿੱਚ ਜਾਕੇ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਬੇੜਾ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਲਗਾਏ ਜਾਂਦੇ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹੁੰਦੇ ਹਨ, ਤਾਂ ਜੋ ਮੌਕੇ ‘ਤੇ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੇਵਾ ਕੇਂਦਰਾਂ ਰਾਹੀਂ ਸੁਚਾਰੂ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਲ੍ਹਾ ਜ਼ੀਰੋ ਪੈਂਡੇਸੀ ਸਦਕਾ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 35 ਸੇਵਾ ਕੇਂਦਰਾਂ ਵਿੱਚ ਨਿਸ਼ਚਿਤ ਸਮੇਂ ਦੌਰਾਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੇਵਾਵਾਂ ਦਾ ਲਾਭ ਲੈਣ ਲਈ ਪਿਛਲੇ ਇਕ ਸਾਲ (ਮਾਰਚ 2024 ਤੋਂ ਮਾਰਚ 2025) ਦੌਰਾਨ 3, 85, 675 ਬਿਨੈ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿਚੋਂ 3,61,543 ਬਿਨੈ ਪੱਤਰਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਪ੍ਰਕਿਰਿਆ ਅਧੀਨ ਹਨ।

ਜ਼ਿਲ੍ਹਾ ਵਾਸੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਸੇਵਾਵਾਂ ਲਈ ਪ੍ਰਾਪਤ ਹੋਏ ਬਿਨੈ ਪੱਤਰਾਂ ਦਾ ਸਮੇਂ ਸਿਰ ਨਿਪਟਾਰਾ ਕਰਦਿਆਂ ਜ਼ੀਰੋ ਪੈਂਡੇਂਸੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੇਵਾ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬਕਾਇਆ ਰਹਿੰਦੇ ਬਿਨੈ ਪੱਤਰਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਖੁਦ ਨਿੱਜੀ ਤੌਰ ’ਤੇ ਸੇਵਾ ਕੇਂਦਰਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਬਿਨ੍ਹਾ ਵਜ੍ਹਾ ਦੇਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਆਪਣੇ ਮਸਲੇ ਲੈ ਕੇ ਆਏ ਵਿਅਕਤੀਆਂ ਨੇ ਡਿਪਟੀ ਕਮਿਸ਼ਨਰ ਵੱਲੋਂ ਕੀਤੇ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪਹਿਲਕਦਮੀ ਪ੍ਰਸ਼ਾਸਨ ਅਤੇ ਆਮ ਜਨਤਾ ਵਿਚਕਾਰ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ।

Related Articles

Leave a Reply

Your email address will not be published. Required fields are marked *

Back to top button