ਡਿਪਟੀ ਕਮਿਸ਼ਨਰ ਵੱਲੋਂ ਐਸਜੀਪੀਸੀ ਚੋਣਾਂ ਸਬੰਧੀ ਯੋਗ ਵਿਅਕਤੀਆਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਕੈਂਪਾਂ ਦਾ ਲਾਭ ਲੈਣ ਦੀ ਅਪੀਲ

ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਲਈ ਪ੍ਰਸ਼ਾਸਨ ਵੱਲੋਂ 14 ਅਤੇ 17 ਜਨਵਰੀ ਨੂੰ ਜ਼ਿਲ੍ਹੇ ਦੇ ਗੁਰਦੁਆਰਿਆਂ ਵਿੱਚ ਲਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਯੋਗ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਉਠਾਉਂਦਿਆਂ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਲਈ 15 ਦਿਨਾਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ 14 ਜਨਵਰੀ ਨੂੰ ਮਾਘੀ ਦੇ ਤਿਉਹਾਰ ਅਤੇ 17 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹੇ ਦੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਥੇ ਪਟਵਾਰੀਆਂ ਵੱਲੋਂ ਮੌਜੂਦ ਰਹਿ ਕੇ ਵੋਟਰ ਰਜਿਸਟ੍ਰੇਸ਼ਨ ਫਾਰਮ ਇਕੱਤਰ ਕੀਤੇ ਜਾਣਗੇ।
ਉਨ੍ਹਾਂ ਯੋਗ ਵਿਅਕਤੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਵਜੋਂ ਰਜਿਸਟਰ ਹੋਣ ਦੀ ਅਪੀਲ ਕਰਦਿਆਂ ਵੱਡੀ ਗਿਣਤੀ ਵਿੱਚ ਪ੍ਰਸ਼ਾਸਨ ਵੱਲੋਂ ਲਾਏ ਜਾ ਰਹੇ ਕੈਂਪਾਂ ਦਾ ਲਾਭ ਲੈਣ ਲਈ ਕਿਹਾ।
ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਨ ਲਈ ਵਿਅਕਤੀ ਦਾ ਕੇਸਧਾਰੀ ਸਿੱਖ ਹੋਣਾ ਲਾਜ਼ਮੀ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦੇ ਹੈ ਜਾਂ ਸ਼ੇਵ ਕਰਦੇ, ਬੀੜੀ/ਸਿਗਰਟ ਜਾਂ ਸ਼ਰਾਬ ਪੀਂਦੇ ਹਨ, ਆਪਣੇ-ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਵਾ ਸਕਦੇ।





























