ਦੇਸ਼ਦੁਨੀਆਂਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਤੋਂ ਪਹਿਲਾਂ ਧੋਗੜੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਦੇ ਯੋਗ ਬਣਾਉਣ ਦੇ ਨਿਰਦੇਸ਼

SDM ਵੱਲੋਂ ਮੌਕੇ ਦਾ ਦੌਰਾ, ਜਲ ਸਪਲਾਈ ਪਾਈਪਲਾਈਨ ਤੇ ਸੜਕੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕਨਾਲ ਰੋਡ ‘ਤੇ ਲੁੱਕ ਵਿਛਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਵੀ ਕਿਹਾ

ਜਲੰਧਰ, ਐਚ ਐਸ ਚਾਵਲਾ। ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਧੋਗੜੀ ਰੋਡ ’ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਅਤੇ ਅਸੁਵਿਧਾ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਧੋਗੜੀ ਰੋਡ ਨੂੰ ਬਰਸਾਤ ਤੋਂ ਪਹਿਲਾਂ ਵਾਹਨਾਂ ਦੀ ਆਵਾਜਾਈ ਯੋਗ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਹਦਾਇਤਾਂ ਦਾ ਉਦੇਸ਼ ਖਾਸ ਕਰਕੇ ਉਦਯੋਗਾਂ ਨੂੰ ਸੁਵਿਧਾ ਪ੍ਰਦਾਨ ਕਰਨਾ ਹੈ, ਜੋ ਕਿ ਸੁਚਾਰੂ ਸੰਪਰਕ ’ਤੇ ਬਹੁਤ ਜ਼ਿਆਦਾ ਨਿਰਭਰ ਕਰਦੇ ਹਨ।

ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਸ਼ਾਇਰੀ ਮਲਹੋਤਰਾ ਨੇ ਵੀਰਵਾਰ ਨੂੰ ਮੌਕੇ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੇ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਉਦਯੋਗਿਕ ਇਕਾਈਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਮੁੱਦੇ ਖਾਸ ਕਰ ਬਰਸਾਤ ਦੇ ਮੌਸਮ ਦੌਰਾਨ ਸੁਚਾਰੂ ਆਵਾਜਾਈ ਨਾਲ ਸਬੰਧਤ, ਨੂੰ ਹੱਲ ਕਰਨ ਲਈ ਵਚਨਬੱਧ ਹੈ।

ਐਸ.ਡੀ.ਐਮ. ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਧੋਗੜੀ ਸੜਕ ਨੂੰ ਪੂਰੀ ਤਰ੍ਹਾਂ ਆਵਾਜਾਈ ਯੋਗ ਬਣਾਉਣ ‘ਤੇ ਜ਼ੋਰ ਦਿੱਤਾ ਗਿਆ ਹੈ। ਇਹ ਸੜਕ ਸਰਫੇਸ ਵਾਟਰ ਪ੍ਰਾਜੈਕਟ ਅਧੀਨ ਪਾਣੀ ਸਪਲਾਈ ਪਾਈਪਲਾਈਨ ਲਈ ਪੁੱਟੀ ਗਈ ਸੀ, ਜੋ ਕਿ ਇਸ ਪਾਈਪਲਾਈਨ ਵਿਛਾਉਣ ਤੋਂ ਬਾਅਦ ਹੁਣ ਨਿਰਮਾਣ ਅਧੀਨ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਇਸ ਪ੍ਰਾਜੈਕਟ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਧੋਗੜੀ ਰੋਡ ਨੂੰ ਬਾਰਿਸ਼ਾਂ ਤੋਂ ਪਹਿਲਾਂ ਚਾਲੂ ਕੀਤਾ ਜਾ ਸਕੇ।

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਨੂੰ ਕਨਾਲ ਰੋਡ (ਵਿਕਲਪਿਕ), ਜਿਸ ਦੀ ਵਰਤੋਂ ਲੋਕਾਂ ਵੱਲੋਂ ਵੱਡੇ ਪੱਧਰ ‘ਤੇ ਕੀਤੀ ਜਾਂਦੀ ਹੈ, ‘ਤੇ ਲੁੱਕ ਵਿਛਾਉਣ (ਪੱਕਾ ਕਰਨ) ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਵੀ ਕਿਹਾ ਗਿਆ ਹੈ।
ਐਸ.ਡੀ.ਐਮ. ਨੇ ਉਦਯੋਗਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧੋਗੜੀ ਰੋਡ ਨੂੰ ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਤਰਜੀਹ ਦੇ ਆਧਾਰ ‘ਤੇ ਵਾਹਨਾਂ ਦੀ ਆਵਾਜਾਈ ਦੇ ਯੋਗ ਬਣਾਇਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button