ਦੇਸ਼ਦੁਨੀਆਂਪੰਜਾਬ

ਮੱਛਰਾਂ ਤੇ ਪਾਣੀ ਤੋਂ ਪੈਦਾ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਰੋਕਥਾਮ ਸਬੰਧੀ ਉਪਰਾਲੇ ਤੇਜ਼ ਕਰਨ ਦੀਆਂ ਹਦਾਇਤਾਂ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਤੇ ਸ਼ਹਿਰਾਂ ’ਚ ਫੋਗਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼

ਪੀਣ ਵਾਲੇ ਪਾਣੀ ਦੀ ਸਮੇਂ-ਸਮੇਂ ’ਤੇ ਜਾਂਚ ਯਕੀਨੀ ਬਣਾਉਣ ਲਈ ਵੀ ਕਿਹਾ

ਜਲੰਧਰ, (ਐਚ ਐਸ ਚਾਵਲਾ/ਹਰਨੀਤ ਸਿੰਘ) :- ਬਰਸਾਤ ਦੇ ਮੌਸਮ ਦੌਰਾਨ ਮੱਛਰਾਂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਰੋਕਥਾਮ ਸਬੰਧੀ ਉਪਰਾਲੇ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ/ਕੌਂਸਲਾਂ ਦੇ ਅਧਿਕਾਰੀਆਂ ਅਤੇ ਬੀ.ਡੀ.ਪੀ.ਓਜ਼ ਨੂੰ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਫੋਗਿੰਗ ਮੁਹਿੰਮ ਚਲਾਈ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨਗਰ ਨਿਗਮ ਨੂੰ ਮੱਛਰਾਂ ਦੇ ਲਾਰਵਾ ਮਿਲਣ ’ਤੇ ਚਲਾਨ ਕਰਨ ਦੀ ਹਦਾਇਤ ਵੀ ਕੀਤੀ ਤਾਂ ਜੋ ਲੋਕਾਂ ਵਿੱਚ ਜਾਗਰੂਕਤਾ ਵਧੇ ਅਤੇ ਰੋਕਥਾਮ ਲਈ ਸੰਦੇਸ਼ ਦਿੱਤਾ ਜਾ ਸਕੇ।

ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਸੰਬੰਧਤ ਵਿਭਾਗਾਂ ਨੂੰ ਪੀਣ ਵਾਲੇ ਪਾਣੀ ਦੀ ਸਮੇਂ-ਸਮੇਂ ’ਤੇ ਜਾਂਚ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਪੀਣ ਵਾਲੇ ਪਾਣੀ ਦੇ ਸੈਂਪਲ ਫੇਲ ਪਾਏ ਜਾਂਦੇ ਹਨ, ਉਨ੍ਹਾਂ ਦੀ ਸੂਚੀ ਨਗਰ ਨਿਗਮ ਅਤੇ ਜਲ ਸਪਲਾਈ ਵਿਭਾਗ ਨਾਲ ਤੁਰੰਤ ਸਾਂਝੀ ਕੀਤੀ ਜਾਵੇ ਤਾਂ ਜੋ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਜੀ ਜਾ ਸਕੇ। ਇਸ ਤੋਂ ਇਲਾਵਾ ਪਾਈਪਲਾਈਨਾਂ ਦੀ ਨਿਯਮਿਤ ਜਾਂਚ ਕਰਨ ਲਈ ਵੀ ਕਿਹਾ ਤਾਂ ਜੋ ਬਰਸਾਤੀ ਮੌਸਮ ਦੌਰਾਨ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।

ਸ਼੍ਰੀ ਸਿੰਘ ਨੇ ਮੱਛਰਾਂ ਅਤੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਆਪਕ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਅਤੇ ਰੋਕਥਾਮ ਉਪਾਵਾਂ ਨਾਲ ਇਨ੍ਹਾਂ ਬਿਮਾਰੀਆਂ ਦੇ ਪ੍ਰਕੋਪ ਨੂੰ ਕਾਫੀ ਹੱਦ ਤੱਕ ਘੱਟ ਕੀਤਾ ਜਾ ਸਕਦਾ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਪਸ਼ੂ ਪਾਲਣ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਡੇਅਰੀ ਫਾਰਮਾਂ ਅਤੇ ਹੋਰ ਸਥਾਨਾਂ ’ਤੇ ਨਿਯਮਿਤ ਤੌਰ ’ਤੇ ਸਫਾਈ, ਛਿੜਕਾਅ ਕਰਵਾਉਣ ਤੋਂ ਇਲਾਵਾ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਵੀ ਕਰਵਾਈ ਜਾਵੇ, ਤਾਂ ਜੋ ਮੱਛਰਾਂ ਪੈਦਾਵਾਰ ਨੂੰ ਕੰਟਰੋਲ ਕਰਕੇ ਬਿਮਾਰੀਆਂ ਦੇ ਖਤਰੇ ਨੂੰ ਘੱਟ ਕੀਤਾ ਜਾ ਸਕੇ।

ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦੱਸਿਆ ਕਿ ਡੇਂਗੂ ਦੇ ਸਰਵੇ ਦੌਰਾਨ ਹੁਣ ਤੱਕ 254316 ਘਰਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 593 ਘਰਾਂ ’ਚ ਲਾਰਵਾ ਪਾਇਆ ਗਿਆ। ਇਸੇ ਤਰ੍ਹਾਂ 11259 ਪਾਣੀ ਦੇ ਨਮੂਨੇ ਇਕੱਤਰ ਕੀਤੇ ਗਏ ਹਨ, ਜਿਨ੍ਹਾਂ  ਵਿੱਚੋਂ  11050  ਸੈਂਪਲ ਪੀਣ ਯੋਗ ਪਾਏ ਗਏ। ਉਨ੍ਹਾਂ ਦੱਸਿਆ ਕਿ ਹੁਣ ਤੱਕ ਡੇਂਗੂ ਦੇ ਕੁੱਲ 8 ਮਰੀਜ਼ ਰਿਪੋਰਟ ਹੋਏ ਹਨ, ਜਿਸ ਸਬੰਧੀ ਸਿਹਤ ਵਿਭਾਗ ਵੱਲੋਂ ਬਣਦੀ ਕਾਰਵਾਈ ਕੀਤੀ ਗਈ ਹੈ।
ਮੀਟਿੰਗ ਵਿੱਚ ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ, ਨਗਰ ਨਿਗਮ, ਜਲ ਸਪਲਾਈ ਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਅਤੇ ਪਿਮਸ ਮੈਡੀਕਲ ਕਾਲਜ ਦੇ ਨੁਮਾਇੰਦੇ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button