ਦੇਸ਼ਦੁਨੀਆਂਪੰਜਾਬ

UK ਪਾਰਲੀਮੈਂਟ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ‘ਤੇ NRI ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ

ਜਲੰਧਰ, ਐਚ ਐਸ ਚਾਵਲਾ। UK ਪਾਰਲੀਮੈਂਟ ਮੈਂਬਰ ਸ. ਤਨਮਨਜੀਤ ਸਿੰਘ ਢੇਸੀ ਨੇ ਅੱਜ ਸ਼ੁੱਕਰਵਾਰ ਨੂੰ ਜਲੰਧਰ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ NRI ਮਾਮਲੇ ਦੇ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਨੋਂ ਨੇਤਾਵਾਂ ਦਾ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ SGPC ਕਾਰਜਕਾਰੀ ਕਮੇਟੀ ਦੇ ਮੈਂਬਰ ਅਤੇ ਜਲੰਧਰ ਇਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਏਪੁਰ ਨੇ ਨਿੱਘਾ ਸਵਾਗਤ ਕੀਤਾ।

ਗੌਰਤਲਬ ਹੈ ਕਿ ਯੂਕੇ ਵਿੱਚ ਤੀਜੀ ਵਾਰ ਸਲੋਹ ਹਲਕੇ ਤੋਂ ਸੰਸਦ ਮੈਂਬਰ ਵਜੋਂ ਚੁਣੇ ਗਏ ਸ. ਢੇਸੀ ਨੂੰ ਬ੍ਰਿਟਿਸ਼ ਸੰਸਦ ਦੁਆਰਾ ਰੱਖਿਆ ਕਮੇਟੀ ਦੇ ਚੇਅਰਮੈਨ ਵਜੋਂ ਵੀ ਚੁਣਿਆ ਗਿਆ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਵੀ ਨਸਲੀ ਘੱਟ ਗਿਣਤੀਆਂ ਦੇ ਮੈਂਬਰ ਨੂੰ ਇਸ ਪ੍ਰਭਾਵਸ਼ਾਲੀ ਤੇ ਸ਼ਕਤੀਸ਼ਾਲੀ ਸੰਸਦੀ ਕਮੇਟੀ ਵਿੱਚ ਇਸ ਅਹੁਦੇ ‘ਤੇ ਸੇਵਾ ਕਰਨ ਲਈ ਚੁਣਿਆ ਗਿਆ ਹੈ।

ਲਗਭੱਗ ਇੱਕ ਘੰਟਾ ਚੱਲੀ ਇਸ ਮੀਟਿੰਗ ‘ਚ ਪ੍ਰਵਾਸੀ ਭਾਰਤੀਆਂ ਲਈ ਮਹੱਤਵਪੂਰਨ ਮੁੱਦਿਆਂ, ਖਾਸ ਕਰਕੇ ਜ਼ਮੀਨਾਂ ਦੇ ਝਗੜੇ ਅਤੇ ਉਨ੍ਹਾਂ ਉੱਤੇ ਕਬਜ਼ੇ ਕਰਨ ਦੇ ਮਾਮਲਿਆਂ ਨੂੰ ਵਿਚਾਰ ਵਿਮਰਸ਼ ਕੀਤੇ ਗਏ ਜੋ ਕਿ ਵੱਡੀ ਚਿੰਤਾ ਦਾ ਕਾਰਨ ਹੈ। ਇਸ ਤੋਂ ਇਲਾਵਾ ਜਬਰੀ ਵਸੂਲੀ ਦੀਆਂ ਘਟਨਾਵਾਂ ਵੀ ਇੱਕ ਸਮੱਸਿਆ ਵਜੋਂ ਵਿਚਾਰੀਆਂ ਗਈਆਂ, ਜਿਨ੍ਹਾਂ ਨਾਲ ਆਮ ਲੋਕਾਂ ਖਾਸ ਕਰ ਪ੍ਰਵਾਸੀ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਜਿੱਠਣ ਦੀ ਲੋੜ ਹੈ।

ਸ. ਢੇਸੀ ਨੇ ਸੂਬਾ ਸਰਕਾਰ ਤੋਂ ਇੱਕ ਪ੍ਰਭਾਵਸ਼ਾਲੀ ਇਕਹਿਰੀ-ਖਿੜਕੀ ਪ੍ਰਣਾਲੀ ਦੀ ਕਾਮਨਾ ਕੀਤੀ, ਜਿਸ ‘ਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਆਪਣੇ ਕੰਮਾਂ-ਕਾਰਾਂ ਨੂੰ ਪੂਰਾ ਕਰਾਉਣ ਲਈ ਭਰੋਸਾ ਕਰ ਸਕਣ ਅਤੇ ਨਾਲ ਹੀ ਪੰਜਾਬ ਵਿੱਚ ਨਿਵੇਸ਼ ਕਰਨ ਦੀ ਇੱਛਾ ਰੱਖਣ ਵਾਲੇ ਕਾਰੋਬਾਰੀ ਲੋਕਾਂ ਲਈ ਵੀ ਸਹੂਲਤ ਮਿਲ ਸਕੇ ਤਾਂ ਜੋ ਉਹ ਨੌਕਰਸ਼ਾਹੀ ਦੀ ਟਾਲ-ਮਟੋਲ ਤੋਂ ਬਚ ਸਕਣ ਤੇ ਪੰਜਾਬ ਵਿੱਚ ਨਿਵੇਸ਼ ਕਰ ਸਕਣ।

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਅਤੇ ਰਾਜਧਾਨੀ ਚੰਡੀਗੜ੍ਹ ਲਈ ਮੁੜ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਉਠਾਉਂਦੇ ਕਿਹਾ ਕਿ ਲੰਡਨ, ਬਰਮਿੰਘਮ ਅਤੇ ਹੋਰ ਯੂਰਪੀਅਨ ਸਥਾਨਾਂ ਸਮੇਤ ਉੱਤਰੀ ਅਮਰੀਕਾ ਅਤੇ ਏਸ਼ੀਆਈ ਮੁਲਕਾਂ ਤੋਂ ਇਹ ਉਡਾਣਾਂ ਸ਼ੁਰੂ ਕੀਤੀਆਂ ਜਾਣ, ਇਸ ਨਾਲ ਵਿਸ਼ਵ ਭਰ ਦੇ ਪੰਜਾਬੀਆਂ ਅਤੇ ਸੈਲਾਨੀਆਂ ਨੂੰ ਪੰਜਾਬ ਨਾਲ ਸਿੱਧਾ ਜੋੜਨ ਵਿੱਚ ਵੱਡੀ ਮੱਦਦ ਮਿਲੇਗੀ ਤੇ ਨਾਲ ਹੀ ਵਪਾਰਕ ਗਤੀਵਿਧੀਆਂ ਵਿੱਚ ਵੀ ਵਾਧਾ ਹੋਵੇਗਾ। ਲੱਖਾਂ ਪ੍ਰਵਾਸੀ ਪੰਜਾਬੀਆਂ ਦੀ ਆਮਦ ਨੂੰ ਦੇਖਦੇ ਹੋਏ ਤਨਮਨਜੀਤ ਸਿੰਘ ਢੇਸੀ ਨੇ ਉਮੀਦ ਜਤਾਈ ਕਿ ਪੰਜਾਬ ਹਵਾਬਾਜ਼ੀ ਖੇਤਰ ਵਿੱਚ ਇੱਕ ਵੱਡੀ ਸ਼ਕਤੀ ਵਜੋਂ ਉਭਰ ਸਕਦਾ ਹੈ ਅਤੇ ਇਸ ਲਈ ਲੋੜੀਂਦੀਆਂ ਹਵਾਈ ਸਹੂਲਤਾਂ ਨੂੰ ਸੰਭਵ ਬਣਾਉਣ ਵਿੱਚ ਮਦਦ ਕਰਨ ਲਈ ਭਾਰਤ ਅਤੇ ਪੰਜਾਬ ਸਰਕਾਰਾਂ ਤੋਂ ਨਿਵੇਸ਼ ਅਤੇ ਰਾਜਨੀਤਿਕ ਸਹਾਇਤਾ ਦੀ ਬੇਨਤੀ ਕੀਤੀ।

ਉਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਕਾਰਗੋ ਬੰਦਰਗਾਹ, ਜਿਸ ਨੂੰ ਹਾਲ ਹੀ ਵਿੱਚ ਭਾਰਤ-ਪਾਕਿ ਤਣਾਅ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਸੀ, ਨੂੰ ਦੁਬਾਰਾ ਖੋਲ੍ਹਣ ਦੀ ਜ਼ਰੂਰਤ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਬਿਹਤਰ ਸਬੰਧਾਂ ਅਤੇ ਵਧੇ ਹੋਏ ਵਪਾਰ ਦਾ ਦੋਵਾਂ ਦੇਸ਼ਾਂ ਨੂੰ ਖਾਸ ਕਰਕੇ ਪੰਜਾਬੀਆਂ ਨੂੰ ਬਹੁਤ ਲਾਭ ਹੋਵੇਗਾ। ਢੇਸੀ ਨੇ ਇਹ ਵੀ ਬੇਨਤੀ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਦੁਬਾਰਾ ਖੋਲ੍ਹਣ ਲਈ ਦਬਾਅ ਪਾਇਆ ਜਾਵੇ। ਇਹ ਸਿੱਖ ਭਾਈਚਾਰੇ ਲਈ ਇੱਕ ਮਹੱਤਵਪੂਰਨ ਮੁੱਦਾ ਹੈ। ਇਸ ਤੋਂ ਇਲਾਵਾ ਹੋਰ ਲੰਬੇ ਸਮੇਂ ਤੋਂ ਲਟਕ ਰਹੇ ਭਾਵਨਾਤਮਕ ਮੁੱਦੇ ਜਿਵੇਂ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਰਾਜਨੀਤਿਕ ਕੈਦੀਆਂ ਦੀ ਰਿਹਾਈ ਅਤੇ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਦਾ ਮਾਮਲਾ ਸ਼ਾਮਲ ਹੈ।

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਵਾਂਗ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਦੁਵੱਲੇ ਸਬੰਧਾਂ ਨੂੰ ਹੋਰ ਪਕੇਰਾ ਤੇ ਡੂੰਘਾ ਕਰਨ ਦੀ ਇੱਛਾ ਰੱਖਦੇ ਹਨ ਅਤੇ ਪੰਜਾਬ ਦੀ ਤਰੱਕੀ ਲਈ ਪ੍ਰਾਰਥਨਾ ਕਰਦੇ ਹਨ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਠਾਏ ਗਏ ਮਾਮਲਿਆਂ ਨੂੰ ਪੰਜਾਬ ਸਰਕਾਰ ਅਤੇ ਭਾਰਤ ਦੇ ਸਬੰਧਤ ਅਧਿਕਾਰੀ ਗੰਭੀਰਤਾ ਨਾਲ ਜਲਦ ਹੱਲ ਕਰਨ ਲਈ ਹਰ ਸੰਭਵ ਕਾਰਗੁਜ਼ਾਰੀ ਕਰਨਗੇ।

Related Articles

Leave a Reply

Your email address will not be published. Required fields are marked *

Back to top button