ਦੇਸ਼ਦੁਨੀਆਂਪੰਜਾਬ

ਸੂਬੇ ਦੇ ਗਰੀਬ ਲੋਕਾਂ ਦੀ ਰੋਟੀ ’ਤੇ ਡਾਕਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਮੋਹਿੰਦਰ ਭਗਤ

ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦਾ ਰਾਸ਼ਨ ਖੋਹਣ ਦੀ ਕੋਝੀ ਸਾਜ਼ਿਸ਼ ਦੀ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ

ਕਿਹਾ – ਪੰਜਾਬ ਸਰਕਾਰ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਅੰਦੋਲਨ ਕਰਨ ਤੋਂ ਪਿੱਛੇ ਨਹੀਂ ਹਟੇਗੀ

ਜਲੰਧਰ, ਐਚ ਐਸ ਚਾਵਲਾ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦਾ ਰਾਸ਼ਨ ਖੋਹਣ ਦੀ ਕੋਝੀ ਸਾਜ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਗਰੀਬ ਲੋਕਾਂ ਦੀ ਰੋਟੀ ’ਤੇ ਡਾਕਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅੱਜ ਇਥੇ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਕਰਤਾਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੀ ਮੌਜੂਦ ਸਨ, ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਆਮ ਤੇ ਗਰੀਬ ਲੋਕਾਂ ਦੇ ਹੱਕ ’ਤੇ ਡਾਕਾ ਮਾਰਿਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪੰਜਾਬ ਦੇ 8 ਲੱਖ ਰਾਸ਼ਨ ਕਾਰਡ ਕੱਟਣ ਦੇ ਹੁਕਮ ਕਰਕੇ ਸੂਬੇ ਦੇ ਕਰੀਬ 32 ਲੱਖ ਲੋਕ ਰਾਸ਼ਨ ਤੋਂ ਵਾਂਝੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਪੰਜਾਬ ਦੇ ਆਮ ਤੇ ਗਰੀਬ ਲੋਕਾਂ ਦੇ ਮੂੰਹੋਂ ਰੋਟੀ ਖੋਹਣ ਦੀ ਇਸ ਕੋਝੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਸ਼੍ਰੀ ਭਗਤ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਗੈਰ-ਭਾਜਪਾ ਸ਼ਾਸਿਤ ਸੂਬਿਆਂ ਦੀਆਂ ਸਰਕਾਰਾਂ ਅਤੇ ਲੋਕਾਂ ਨਾਲ ਧੱਕੇਸ਼ਾਹੀ ਦੀ ਨੀਤੀ ਜਗ-ਜ਼ਾਹਰ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਪਹਿਲਾਂ ਸੂਬਿਆਂ ਦੀਆਂ ਗੈਰ-ਭਾਜਪਾ ਸਰਕਾਰਾਂ ਨਾਲ ਧੱਕਾ ਕਰਦੀ ਸੀ ਪਰ ਹੁਣ ਇਸ ਸਰਕਾਰ ਨੇ ਉਨ੍ਹਾਂ ਰਾਜਾਂ ਦੇ ਲੋਕਾਂ ਨਾਲ ਵੀ ਧੱਕਾ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਗਰੀਬ ਲੋਕਾਂ ਨਾਲ ਧੱਕਾ ਵੀ ਇਸੇ ਨੀਤੀ ਦਾ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲਾਂ ਕੇ.ਵਾਈ.ਸੀ. ਤੇ ਵੈਰੀਫਿਕੇਸ਼ਨ ਦੇ ਨਾਂ ਉੱਤੇ 23 ਲੱਖ ਲੋਕਾਂ ਦਾ ਰਾਸ਼ਨ ਨਾ ਦੇਣ ਦਾ ਤੁਗਲਕੀ ਫਰਮਾਨ ਜਾਰੀ ਕਰ ਦਿੱਤਾ ਹੈ ਅਤੇ ਹੁਣ ਹੋਰ 32 ਲੱਖ ਲੋਕਾਂ ਨੂੰ ਰਾਸ਼ਨ ਨਾ ਦੇਣ ਲਈ ਕਿਹਾ ਗਿਆ ਹੈ। ਇਸ ਨਾਲ 55 ਲੱਖ ਲੋੜਵੰਦ ਲੋਕਾਂ ਨੂੰ ਰਾਸ਼ਨ ਤੋਂ ਵਾਂਝੇ ਕਰਨ ਦੀ ਕੋਝੀ ਸਾਜ਼ਿਸ਼ ਰਚੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪ੍ਰੈਸ ਕਾਨਫਰੰਸ ਕਰਕੇ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਗਰੀਬ ਲੋਕਾਂ ਨਾਲ ਖੜ੍ਹੀ ਹੈ ਅਤੇ ਕਿਸੇ ਪਰਿਵਾਰ ਨੂੰ ਰਾਸ਼ਨ ਤੋਂ ਵਾਂਝਾ ਨਹੀਂ ਹੋਣ ਦਿੱਤਾ ਜਾਵੇਗਾ। ਸ਼੍ਰੀ ਭਗਤ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਅੰਦੋਲਨ ਕਰਨ ਤੋਂ ਪਿੱਛੇ ਨਹੀਂ ਹਟੇਗੀ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਬੈਂਕ ਪਵਨ ਕੁਮਾਰ ਟੀਨੂੰ, ਚੇਅਰਮੈਨ ਨਗਰ ਸੁਧਾਰ ਟਰੱਸਟ ਰਮਨੀਕ ਸਿੰਘ ਰੰਧਾਵਾ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਡ ਮੰਗਲ ਸਿੰਘ ਬੱਸੀ, ਆਪ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਪ੍ਰਿੰ. ਪ੍ਰੇਮ ਕੁਮਾਰ, ਪਿੰਦਰ ਪੰਡੋਰੀ ਆਦਿ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button