
ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਨੂੰ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਕੁੱਝ ਦਿਨ ਪਹਿਲਾਂ ਹੋਏ ਇੱਕ ਨਾਬਾਲਗ ਲੜਕੇ ਦੇ ਕਤਲ ਦੇ ਤਿੰਨ ਭਗੌੜੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਨੇ ਥਾਣਾ ਬਸਤੀ ਬਾਵਾ ਖੇਲ ਵਿਖੇ ਐਫਆਈਆਰ 08 ਮਿਤੀ 17-01-24 ਅਧੀਨ 302, 34 ਆਈ.ਪੀ.ਸੀ. ਦਰਜ ਕੀਤੀ ਸੀ । ਉਨ੍ਹਾਂ ਦੱਸਿਆ ਕਿ ਪੁਲਿਸ ਦੀ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਦੋਸ਼ੀ ਫ਼ਰਾਰ ਹਨ | ਇਸ ਉਪਰੰਤ ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਭਗੌੜੇ ਨੌਜਵਾਨ ਨੂੰ ਪਿੰਡ ਇਦਨਾਪੁਰ, ਪੀਐਸ ਫਖਰਪੁਰ, ਜ਼ਿਲ੍ਹਾ ਬਹਿਰਾਇਚ, ਉੱਤਰ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਦੀ ਪਛਾਣ ਸਾਹਿਲ ਪੁੱਤਰ ਰਮੇਸ਼ ਕੁਮਾਰ ਵਾਸੀ ਨੰਬਰ 40 ਨਿਊ ਰਾਜਨ ਨਗਰ ਬਸਤੀ ਪੀਰ ਦਾਦ, ਜਲੰਧਰ, ਰਾਹੁਲ ਕੁਮਾਰ ਪੁੱਤਰ ਬਿਜਲੀ ਮਲਿਕ ਵਾਸੀ ਨਿਊ ਰਾਜਨ ਨਗਰ ਬਸਤੀ ਪੀਰ ਦਾਦ, ਜਲੰਧਰ ਅਤੇ ਅਨਿਲ ਕੁਮਾਰ ਪੁੱਤਰ ਦੇਵ ਰਾਜ ਵਰਮਾ, ਵਾਸੀ ਨੰਬਰ 54 ਸਰਜੀਕਲ ਕੰਪਲੈਕਸ ਅਨੂਪ ਨਗਰ, ਜਲੰਧਰ ਵਜੋਂ ਹੋਈ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਕਤਲ ਵਿੱਚ ਵਰਤਿਆ ਗਿਆ ਇੱਕ ਮੋਟਰਸਾਈਕਲ ਪਹਿਲਾਂ ਹੀ ਬਰਾਮਦ ਕੀਤਾ ਗਿਆ ਸੀ ਪਰ ਹੁਣ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੂਜਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਕਤਲ ਵਿੱਚ ਵਰਤੀ ਗਈ ਕੁਹਾੜੀ ਤੇ ਦਾਟ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਡੱਕਣ ਅਤੇ ਦੇਸ਼ ਦੇ ਕਾਨੂੰਨ ਅਨੁਸਾਰ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
















