
ਜਲੰਧਰ, ਐਚ ਐਸ ਚਾਵਲਾ। ਜ਼ਿਲ੍ਹਾ ਰੋਜ਼ਗਾਰ ਅਤੇ ਕਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਮੇਹਰ ਚੰਦ ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਭਾਰਤੀ ਫੌਜ ਵਿੱਚ ਅਗਨੀਵੀਰ ਭਰਤੀ ਸਬੰਧੀ ਸੈਮੀਨਾਰ ਕਰਵਾਇਆ ਗਿਆ।
ਸੈਮੀਨਾਰ ਦੌਰਾਨ ਕਰਨਲ ਜੈਵੀਰ ਸਿੰਘ ਤੋਮਰ ਅਤੇ ਡਾ. ਨਰੇਸ਼ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ, ਜਿਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਅਗਨੀਵੀਰ ਭਰਤੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕਰਨਲ ਜੈਵੀਰ ਸਿੰਘ ਤੋਮਰ ਨੇ ਦੱਸਿਆ ਕਿ ਅਗਨੀਵੀਰ ਵਜੋਂ ਭਾਰਤੀ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ 8 ਫਰਵਰੀ 2024 ਤੋਂ www.joinindianarmy.nic.in ਪੋਰਟਲ ’ਤੇ ਅਪਲਾਈ ਕਰ ਸਕਦੇ ਹਨ।

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਗੁਰਮੇਲ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਵੱਖ-ਵੱਖ ਸੇਵਾਵਾਂ ਬਾਰੇ ਜਾਣੂ ਕਰਵਾਉਂਦਿਆਂ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ।
ਵਿਦਿਆਰਥੀਆਂ ਨੇ ਸੈਮੀਨਾਰ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਮਾਹਿਰਾਂ ਤੋਂ ਭਾਰਤੀ ਫੌਜ ’ਚ ਅਗਨੀਵੀਰ ਭਰਤੀ ਸਬੰਧੀ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਉਨ੍ਹਾਂ ਨੂੰ ਢੁੱਕਵੇਂ ਜਵਾਬ ਦਿੱਤੇ ਗਏ।
ਸੈਮੀਨਾਰ ਵਿੱਚ ਡਿਪਟੀ ਸੀ.ਈ.ਓ., ਡੀ.ਬੀ.ਈ.ਈ. ਨਵਦੀਪ ਸਿੰਘ, ਮੇਹਰ ਚੰਦ ਸਰਕਾਰੀ ਪੋਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਆਦਿ ਵੀ ਮੌਜੂਦ ਸਨ।
















