
ਜਲੰਧਰ, ਐਚ ਐਸ ਚਾਵਲਾ। ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਸ. ਹਰਵਿੰਦਰ ਸਿੰਘ ਵਿਰਕ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਵੱਲੋਂ ਸਮੂਹ ਗਜ਼ਟਿਡ ਅਫ਼ਸਰਾਂ, ਐਸ.ਐਚ.ਓਜ਼ ਅਤੇ ਚੌਂਕੀ ਇੰਚਾਰਜਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਕਾਨੂੰਨ ਅਤੇ ਵਿਵਸਥਾ ਕਾਇਮ ਰੱਖਣ ਅਤੇ ਚੋਣ ਪ੍ਰਕਿਰਿਆ ਨੂੰ ਕਾਨੂੰਨੀ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਸਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਚੋਣਾਂ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਰੀਬ 1200 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੋਲਿੰਗ ਬੂਥਾਂ ’ਤੇ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।

ਚੋਣ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਗਜ਼ਟਿਡ ਅਫ਼ਸਰਾਂ ਨੂੰ ਆਪਣੇ-ਆਪਣੇ ਇਲਾਕਿਆਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਲ੍ਹੇ ਭਰ ਵਿੱਚ ਲਗਾਤਾਰ ਫਲੈਗ ਮਾਰਚ, ਐਂਟੀ ਸਾਬੋਟਾਜ ਚੈਕਿੰਗ, ਪੋਲਿੰਗ ਬੂਥਾਂ ਦੀ ਜਾਂਚ ਅਤੇ ਦਿਨ-ਰਾਤ ਨਾਕਾਬੰਦੀ/ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਤੋਂ ਇਲਾਵਾ ਜਲੰਧਰ ਦਿਹਾਤੀ ਅਧੀਨ ਆਉਂਦੇ ਗੁਰਦੁਆਰਿਆਂ, ਧਾਰਮਿਕ ਸਥਾਨਾਂ ਅਤੇ ਡੇਰਿਆਂ ਨੂੰ ਵੀ ਸੰਵੇਦਨਸ਼ੀਲ ਥਾਵਾਂ ਵਜੋਂ ਚਿੰਨ੍ਹਿਤ ਕੀਤਾ ਗਿਆ ਹੈ ਅਤੇ ਉੱਥੇ ਵਾਧੂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸਥਾਨਾਂ ’ਤੇ ਅਮਨ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਿਸ਼ੇਸ਼ ਪੈਟਰੋਲਿੰਗ ਪਾਰਟੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਪੈਟਰੋਲਿੰਗ ਪਾਰਟੀਆਂ ਅਤੇ ਈ.ਆਰ.ਵੀ ਟੀਮਾਂ ਨੂੰ 24 ਘੰਟੇ ਸਰਗਰਮ ਰੱਖਿਆ ਗਿਆ ਹੈ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰੱਖਿਆ ਗਿਆ ਹੈ।
ਜਲੰਧਰ ਦਿਹਾਤੀ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਚੋਣਾਂ ਦੌਰਾਨ ਕਿਸੇ ਵੀ ਸ਼ੱਕੀ ਗਤੀਵਿਧੀ, ਝਗੜੇ, ਗੈਰ-ਕਾਨੂੰਨੀ ਕਾਰਵਾਈ ਜਾਂ ਕਾਨੂੰਨ ਦੀ ਉਲੰਘਣਾ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਕਿਸੇ ਵੀ ਜਾਣਕਾਰੀ ਜਾਂ ਐਮਰਜੈਂਸੀ ਸਹਾਇਤਾ ਲਈ ਲੋਕ 112 ਹੈਲਪਲਾਈਨ ’ਤੇ ਸੰਪਰਕ ਕਰ ਸਕਦੇ ਹਨ।
ਐਸ.ਐਸ.ਪੀ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਨੇ ਭਰੋਸਾ ਦਿਵਾਇਆ ਕਿ ਜਲੰਧਰ ਦਿਹਾਤੀ ਪੁਲਿਸ ਚੋਣ ਪ੍ਰਕਿਰਿਆ ਨੂੰ ਪੂਰੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਨਾਲ ਸੰਪੰਨ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਲੋਕਾਂ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਭੈ ਦੇ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਦੀ ਅਪੀਲ ਵੀ ਕੀਤੀ।
















