
ਜਲੰਧਰ, ਐਚ ਐਸ ਚਾਵਲਾ। ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਦੇ ਸਮੂਹ ਥਾਣਿਆਂ ਵਿੱਚ “ਸਮਾਧਾਨ ਕੈਂਪ” ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਅਤੇ ਦਰਖ਼ਾਸਤਾਂ ਦਾ ਤੇਜ਼, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕਰਨਾ ਸੀ।ਕੈਂਪਾਂ ਦੌਰਾਨ ਲੰਬਿਤ ਸ਼ਿਕਾਇਤਾਂ ਅਤੇ ਦਰਖ਼ਾਸਤਾਂ ਦੀ ਗੰਭੀਰਤਾ ਨਾਲ ਸੁਣਵਾਈ ਕੀਤੀ ਗਈ। ਸ਼ਿਕਾਇਤਕਰਤਾਵਾਂ ਅਤੇ ਦੂਜੀ ਧਿਰ ਨੂੰ ਆਪਣਾ-ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਗਿਆ। ਦੋਵਾਂ ਧਿਰਾਂ ਦੀ ਗੱਲ ਧਿਆਨ ਨਾਲ ਸੁਣਨ ਉਪਰੰਤ ਹਰੇਕ ਮਾਮਲੇ ਵਿੱਚ ਕਾਨੂੰਨ ਅਨੁਸਾਰ ਨਿਰਪੱਖ, ਪਾਰਦਰਸ਼ੀ ਅਤੇ ਯੋਗ ਕਾਰਵਾਈ ਕੀਤੀ ਗਈ।

ਇਨ੍ਹਾਂ “ਸਮਾਧਾਨ ਕੈਂਪਾਂ” ਦੌਰਾਨ 550 ਤੋਂ ਵੱਧ ਲੰਬਿਤ ਸ਼ਿਕਾਇਤਾਂ ਅਤੇ ਦਰਖ਼ਾਸਤਾਂ ਦਾ ਨਿਪਟਾਰਾ ਕੀਤਾ ਗਿਆ। ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਆਪਸੀ ਸਹਿਮਤੀ ਜਾਂ ਕਾਨੂੰਨੀ ਕਾਰਵਾਈ ਰਾਹੀਂ ਹੱਲ ਕੀਤਾ ਗਿਆ, ਜਦਕਿ ਬਾਕੀ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਇਸ ਮੌਕੇ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਨੂੰ ਤੁਰੰਤ, ਨਿਰਪੱਖ ਅਤੇ ਪਾਰਦਰਸ਼ੀ ਇਨਸਾਫ਼ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ “ਸਮਾਧਾਨ ਕੈਂਪਾਂ” ਦਾ ਮੁੱਖ ਉਦੇਸ਼ ਲੰਬੇ ਸਮੇਂ ਤੋਂ ਲੰਬਿਤ ਲੋਕ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ, ਪੁਲਿਸ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਕਰਨਾ ਅਤੇ ਲੋਕ-ਪੱਖੀ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾਵਾਂ ਯਕੀਨੀ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਜਾਰੀ ਰੱਖਣ ਅਤੇ ਭਰੋਸਾ ਦਿੱਤਾ ਕਿ ਹਰ ਜਾਇਜ਼ ਸ਼ਿਕਾਇਤ ਦਾ ਨਿਪਟਾਰਾ ਤੁਰੰਤ ਅਤੇ ਕਾਨੂੰਨ ਅਨੁਸਾਰ ਕੀਤਾ ਜਾਵੇਗਾ।
















