
ਜਲੰਧਰ, ਐਚ ਐਸ ਚਾਵਲਾ। ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਅਪਰਾਧਿਕ ਗਤੀਵਿਧੀਆਂ ਪਰ ਪ੍ਰਭਾਵਸ਼ਾਲੀ ਰੋਕਥਾਮ ਤੇ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਕਮਿਸ਼ਨਰ ਪੁਲਿਸ ਜਲੰਧਰ ਸ਼੍ਰੀ ਸਤਿੰਦਰ ਸਿੰਘ IPS ਜੀ ਵੱਲੋਂ ਅੱਜ ਪੁਲਿਸ ਲਾਈਨ ਜਲੰਧਰ ਵਿਖੇ ਜੀ.ਓ ਸਹਿਬਾਨ, ਐੱਸ.ਐੱਚ.ਓਜ਼, ਚੌਂਕੀ ਇੰਚਾਰਜਾਂ ਅਤੇ ਵੱਖ-ਵੱਖ ਯੂਨਿਟ ਇੰਚਾਰਜਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈਆਂ ਨੂੰ ਹੋਰ ਤੇਜ਼ ਕਰਨ, ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਪੁਨਰਵਾਸ, ਪੈਂਡਿੰਗ ਕੇਸਾਂ ਅਤੇ ਦਰਖਾਸਤਾਂ ਦੇ ਸਮੇਂ ਸਿਰ ਨਿਪਟਾਰੇ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਵਾਰਦਾਤਾਂ ਪਰ ਰੋਕਥਾਮ ਤੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਬਣਾਈ ਰੱਖਣ ਬਾਰੇ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ ਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਨੇ ਥਾਣਾ ਮੁਖੀਆਂ ਨੂੰ ਪੈਂਡਿੰਗ ਕੇਸਾਂ ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਰਧਾਰਿਤ ਸਮੇਂ ਅੰਦਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ। ਇਸ ਦੇ ਨਾਲ ਹੀ ਸੰਗਠਿਤ ਅਪਰਾਧ, ਨਸ਼ਾ ਤਸਕਰੀ ਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਵਿਸ਼ੇਸ਼ ਮੁਹਿੰਮਾਂ ਚਲਾਉਣ ਅਤੇ ਆਦੀ ਅਪਰਾਧੀਆਂ ‘ਤੇ ਸਖ਼ਤ ਨਿਗਰਾਨੀ ਰੱਖਣ ਬਾਰੇ ਕਿਹਾ।
ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਦਿਨ-ਰਾਤ ਸਮੇਂ ਪੈਟਰੋਲਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਪੁਲਿਸ ਦੀ ਮੌਜੂਦਗੀ ਤੇ ਚੌਕਸੀ ਵਧਾਉਣ ਬਾਰੇ ਕਿਹਾ ਤਾਂ ਜੋ ਨਾਗਰਿਕਾਂ ਦੀ ਸੁਰੱਖਿਆ ਤੇ ਨਿਗਰਾਨੀ ਵਿੱਚ ਵਾਧਾ ਹੋਵੇ। ਟ੍ਰੈਫਿਕ ਪ੍ਰਬੰਧਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਿਹਨਾਂ ਵਿੱਚ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ, ਨਸ਼ੇ ਦੀ ਹਾਲਤ ਵਿੱਚ ਵਾਹਨ ਚਲਾਉਣ, ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਕਰਨ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ।
ਮੀਟਿੰਗ ਦੌਰਾਨ ਉਨ੍ਹਾਂ ਨੇ ਐਮਰਜੈਂਸੀ ਹੈਲਪਲਾਈਨ ਨੰਬਰ 112 ਅਤੇ 1091 ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਪਰ ਬਿਨਾ ਦੇਰੀ ਕਾਰਵਾਈ ਕਰਨ ਤੇ ਮੁਸੀਬਤ ਵਿੱਚ ਨਾਗਰਿਕਾਂ ਤੱਕ ਸਮੇਂ ਸਿਰ ਪੁਲਿਸ ਸਹਾਇਤਾ ਪਹੁੰਚਾਉਣ ਬਾਰੇ ਕਿਹਾ ਤਾਂ ਜੋ ਜਨਤਾ ਅਤੇ ਪੁਲਿਸ ਵਿਭਾਗ ਵਿਚਕਾਰ ਆਪਸੀ ਭਰੋਸੇ ਅਤੇ ਸਹਿਯੋਗ ਨੂੰ ਹੋਰ ਮਜ਼ਬੂਤੀ ਮਿਲ ਸਕੇਕਮਿਸ਼ਨਰ ਪੁਲਿਸ ਜਲੰਧਰ ਨੇ ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ, ਸਮਰਪਣ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਸ਼ਹਿਰ ਵਿੱਚ ਸ਼ਾਂਤੀ, ਨਾਗਰਿਕਾਂ ਦੀ ਸੁਰੱਖਿਆ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਵਿਭਾਗ ਦੀ ਸਰਵਉੱਚ ਤਰਜੀਹ ਹੈ।
















