SSP ਜਲੰਧਰ ਦਿਹਾਤੀ ਵੱਲੋਂ ਖੁਦ ਮੌਕੇ ’ਤੇ ਕਾਰਵਾਈ ਦੀ ਨਿਗਰਾਨੀ; 06 ਮੁਕੱਦਮੇ ਦਰਜ, 04 ਦੋਸ਼ੀ ਗ੍ਰਿਫ਼ਤਾਰ
ਜਲੰਧਰ, ਐਚ ਐਸ ਚਾਵਲਾ। ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਅਤੇ ਵਿਕਰੀ ਨੂੰ ਰੋਕਣ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ CASO (Cordon and Search Operation) ਮੁਹਿੰਮ ਚਲਾਈ ਗਈ। ਇਸ ਦੌਰਾਨ ਸ. ਹਰਵਿੰਦਰ ਸਿੰਘ ਵਿਰਕ, ਪੀਪੀਐਸ, ਐਸਐਸਪੀ, ਜਲੰਧਰ ਦਿਹਾਤੀ ਵੱਲੋਂ ਖੁਦ ਮੌਕੇ ’ਤੇ ਪਹੁੰਚ ਕੇ ਕਾਰਵਾਈ ਦੀ ਨਿਗਰਾਨੀ ਕੀਤੀ ਗਈ।

ਇਹ ਮੁਹਿੰਮ ਸਰਵਣ ਸਿੰਘ ਬੱਲ, ਡੀਐਸਪੀ ਸਬ-ਡਵੀਜ਼ਨ ਸ਼ਾਹਕੋਟ ਅਤੇ ਰਸ਼ਪਾਲ ਸਿੰਘ, ਡੀਐਸਪੀ ਪੀਬੀਆਈ/ਸਪੈਸ਼ਲ ਕਰਾਈਮ ਦੀ ਨਿਗਰਾਨੀ ਹੇਠ ਚਲਾਈ ਗਈ। ਵਿਸ਼ੇਸ਼ ਮੁਹਿੰਮ ਦੌਰਾਨ ਸਬ-ਇੰਸਪੈਕਟਰ ਲਾਭ ਸਿੰਘ, ਮੁੱਖ ਅਫਸਰ ਥਾਣਾ ਮਹਿਤਪੁਰ; ਸਬ-ਇੰਸਪੈਕਟਰ ਸੁਖਵਿੰਦਰ ਪਾਲ ਸਿੰਘ, ਮੁੱਖ ਅਫਸਰ ਥਾਣਾ ਸ਼ਾਹਕੋਟ; ਸਬ-ਇੰਸਪੈਕਟਰ ਸੁਖਜਿੰਦਰ ਸਿੰਘ, ਮੁੱਖ ਅਫਸਰ ਥਾਣਾ ਲੋਹੀਆਂ ਅਤੇ ਸਬ-ਇੰਸਪੈਕਟਰ ਦਿਲਬਾਗ ਸਿੰਘ, ਮੁੱਖ ਅਫਸਰ ਥਾਣਾ ਬਿਲਗਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਨਸ਼ਿਆਂ ਦੇ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।
CASO ਦੌਰਾਨ ਨਸ਼ਿਆਂ ਦੇ ਹੌਟਸਪੌਟਸ, ਖਾਲੀ ਮਕਾਨਾਂ, ਸੁੰਨਸਾਨ ਥਾਵਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਦੀ ਵਿਸ਼ੇਸ਼ ਤੌਰ ’ਤੇ ਤਲਾਸ਼ੀ ਲਈ ਗਈ। ਸ਼ੱਕੀ ਵਿਅਕਤੀਆਂ ਦੀ ਵੈਰੀਫਿਕੇਸ਼ਨ ਕਰਨ ਦੇ ਨਾਲ-ਨਾਲ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ, ਤਾਂ ਜੋ ਇਲਾਕੇ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।ਇਸ ਵਿਸ਼ੇਸ਼ CASO ਮੁਹਿੰਮ ਦੌਰਾਨ ਜਲੰਧਰ ਦਿਹਾਤੀ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਕੁੱਲ 06 ਮੁਕੱਦਮੇ ਦਰਜ ਕਰਕੇ 04 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਥਾਣਾ ਸ਼ਾਹਕੋਟ ਵੱਲੋਂ 01 ਮੁਕੱਦਮਾ ਦਰਜ ਕਰਕੇ 52 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਲੋਹੀਆਂ ਵੱਲੋਂ 01 ਮੁਕੱਦਮਾ ਦਰਜ ਕਰਕੇ 0.3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਮਹਿਤਪੁਰ ਵੱਲੋਂ 03 ਮੁਕੱਦਮੇ ਦਰਜ ਕਰਕੇ 300 ਬੋਤਲਾਂ ਲਾਹਣ (30,000 ਲੀਟਰ ਲਾਹਣ), 59 ਨਸ਼ੀਲੀਆਂ ਗੋਲੀਆਂ ਅਤੇ 7,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਬਿਲਗਾ ਵੱਲੋਂ 01 ਮੁਕੱਦਮਾ ਦਰਜ ਕਰਕੇ 19 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਦੀ ਵਿਕਰੀ, ਸਪਲਾਈ ਅਤੇ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਅਤੇ ਪੁਨਰਵਾਸ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਐਸਐਸਪੀ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਉਨ੍ਹਾਂ ਵੱਲੋਂ CASO ਮੁਹਿੰਮ ਦੀ ਖੁਦ ਮੌਕੇ ’ਤੇ ਨਿਗਰਾਨੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਅਤੇ ਅਚਨਚੇਤ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਤਾਂ ਜੋ ਨਸ਼ਿਆਂ ਦੀ ਤਸਕਰੀ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ’ਤੇ ਨੇੜਿਓਂ ਨਿਗਰਾਨੀ ਰੱਖੀ ਜਾ ਸਕੇ।ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ ਅਤੇ ਨਸ਼ਿਆਂ ਦੀ ਵਿਕਰੀ ਜਾਂ ਸਪਲਾਈ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
















