ਦੇਸ਼ਦੁਨੀਆਂਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’: ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਤਸਕਰੀ ’ਤੇ ਨਕੇਲ ਕੱਸਣ ਲਈ ਵਿਸ਼ੇਸ਼ ਮੀਟਿੰਗ, ਨਸ਼ਿਆਂ ਵਿਰੁੱਧ ਸਾਂਝੇ ਯਤਨਾਂ ਨੂੰ ਮਜ਼ਬੂਤ ਕਰਨ ’ਤੇ ਜ਼ੋਰ

ਪੁਲਿਸ, ਸਿਹਤ ਵਿਭਾਗ ਅਤੇ ਵਿਲੇਜ ਡਰੱਗ ਕਮੇਟੀਆਂ (VDCs) ਦੇ ਤਾਲਮੇਲ ਨਾਲ ਜਨਤਕ ਜਾਗਰੂਕਤਾ, ਇਲਾਜ ਅਤੇ ਮੁੜ ਵਸੇਬੇ ਨੂੰ ਉਤਸ਼ਾਹਿਤ ਕਰਨ ’ਤੇ ਵਿਸ਼ੇਸ਼ ਧਿਆਨ

ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਨਸ਼ਿਆਂ ਦੀ ਰੋਕਥਾਮ ਅਤੇ ਖਾਤਮੇ ਲਈ ਯਤਨਾਂ ਨੂੰ ਹੋਰ ਮਜ਼ਬੂਤ ਕਰਨਾ, ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਵਿਕਰੀ ’ਤੇ ਰੋਕ ਲਗਾਉਣਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਸੀ।

ਇਸ ਮੀਟਿੰਗ ਵਿੱਚ ਵਿਨੀਤ ਆਹਲਾਵਤ, ਆਈ.ਪੀ.ਐੱਸ., ਪੁਲਿਸ ਕਪਤਾਨ (ਤਫ਼ਤੀਸ਼), ਗੁਰਪ੍ਰੀਤ ਸਿੰਘ ਗਿੱਲ, ਪੀ.ਪੀ.ਐੱਸ., ਪੁਲਿਸ ਕਪਤਾਨ (ਪੀ.ਬੀ.ਆਈ./ਆਪਰੇਸ਼ਨਲ), ਸਬੰਧਤ ਗਜ਼ਟਿਡ ਪੁਲਿਸ ਅਧਿਕਾਰੀ, ਡਰੱਗ ਇੰਸਪੈਕਟਰ ਅਤੇ ਵੱਖ-ਵੱਖ ਪਿੰਡਾਂ ਦੀਆਂ ਵਿਲੇਜ ਡਰੱਗ ਕਮੇਟੀਆਂ (VDCs) ਦੇ ਮੈਂਬਰ ਸ਼ਾਮਲ ਹੋਏ।

ਮੀਟਿੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਵਿਕਰੀ ਨੂੰ ਰੋਕਣ, ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਪ੍ਰਭਾਵਸ਼ਾਲੀ ਕਾਨੂੰਨੀ ਕਾਰਵਾਈ ਕਰਨ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ’ਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਵਿਭਾਗ, ਸਿਹਤ ਵਿਭਾਗ ਅਤੇ ਵਿਲੇਜ ਡਰੱਗ ਕਮੇਟੀਆਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਬਿਹਤਰ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਤਾਂ ਜੋ ਇਸ ਸਮੱਸਿਆ ਦਾ ਵਿਆਪਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾ ਸਕੇ।

ਮੀਟਿੰਗ ਦੌਰਾਨ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਖ਼ਤ ਕਾਨੂੰਨੀ ਕਾਰਵਾਈ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਲਈ ਲਗਾਤਾਰ ਜਨਤਕ ਜਾਗਰੂਕਤਾ, ਸਮੇਂ ਸਿਰ ਡਾਕਟਰੀ ਇਲਾਜ ਅਤੇ ਨਸ਼ਾ ਪੀੜਤ ਵਿਅਕਤੀਆਂ ਦਾ ਉਚਿਤ ਮੁੜ ਵਸੇਬਾ ਵੀ ਬੇਹੱਦ ਜ਼ਰੂਰੀ ਹੈ। ਨਸ਼ਾ ਪੀੜਤ ਵਿਅਕਤੀਆਂ ਨੂੰ ਢੁੱਕਵਾਂ ਇਲਾਜ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਸਿਹਤ ਵਿਭਾਗ ਨਾਲ ਬਿਹਤਰ ਤਾਲਮੇਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।

ਵਿਲੇਜ ਡਰੱਗ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ, ਨਸ਼ਾ ਤਸਕਰੀ ਨੂੰ ਰੋਕਣ ਲਈ ਪੁਲਿਸ ਦਾ ਸਰਗਰਮ ਸਹਿਯੋਗ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ, ਸਿੱਖਿਆ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਵਾਸਤੇ ਵੀ ਉਤਸ਼ਾਹਿਤ ਕੀਤਾ ਗਿਆ।

SSP ਜਲੰਧਰ ਦਿਹਾਤੀ ਨੇ ਦੁਹਰਾਇਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰੀ ਵਿਰੁੱਧ ਪ੍ਰਭਾਵਸ਼ਾਲੀ ਕਾਨੂੰਨੀ ਕਾਰਵਾਈ, ਲੋਕਾਂ ਨੂੰ ਜਾਗਰੂਕ ਕਰਨ ਲਈ ਭਾਈਚਾਰਕ ਪੱਧਰ ’ਤੇ ਉਪਰਾਲੇ, ਸਿਹਤ ਵਿਭਾਗ ਨਾਲ ਤਾਲਮੇਲ ਅਤੇ ਨਸ਼ਾ ਪੀੜਤ ਵਿਅਕਤੀਆਂ ਦੇ ਇਲਾਜ ਤੇ ਮੁੜ ਵਸੇਬੇ ਲਈ ਸਹਿਯੋਗ ਦੇਣ ਵਾਸਤੇ ਯਤਨ ਲਗਾਤਾਰ ਜਾਰੀ ਰਹਿਣਗੇ।

SSP ਜਲੰਧਰ ਦਿਹਾਤੀ ਵੱਲੋਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਅਤੇ ਇੱਕ ਸਿਹਤਮੰਦ, ਸੁਰੱਖਿਅਤ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ, ਖ਼ਾਸ ਕਰਕੇ ਪਿੰਡ ਪੱਧਰ ’ਤੇ ਲੋਕਾਂ ਦਾ ਸਹਿਯੋਗ, ਬੇਹੱਦ ਮਹੱਤਵਪੂਰਨ ਹੈ।

Related Articles

Back to top button