
SSP ਜਲੰਧਰ ਦਿਹਾਤੀ ਵੱਲੋਂ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਅਤੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਜਲੰਧਰ, ਐਚ ਐਸ ਚਾਵਲਾ। ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਿੱਥੇ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਸ. ਹਰਵਿੰਦਰ ਸਿੰਘ ਵਿਰਕ, ਪੀਪੀਐਸ, ਐਸਐਸਪੀ ਜਲੰਧਰ ਦਿਹਾਤੀ ਵੱਲੋਂ ਸਮੁੱਚੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਐਸਐਸਪੀ ਜਲੰਧਰ ਦਿਹਾਤੀ ਵੱਲੋਂ ਖੁਦ ਵੀ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਮੁਹਿੰਮ ਤਹਿਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ ਗਤੀਵਿਧੀਆਂ ਨੂੰ ਵੀ ਪੂਰੀ ਗੰਭੀਰਤਾ ਨਾਲ ਯਕੀਨੀ ਬਣਾਇਆ ਜਾਵੇ।
ਜਲੰਧਰ ਦਿਹਾਤੀ ਪੁਲਿਸ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਸਬੰਧੀ ਕਾਰਵਾਈ ਕਰਦਿਆਂ ਹੁਣ ਤੱਕ 16 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਮੂਹ ਸਬ-ਡਿਵੀਜ਼ਨਾਂ ਵਿੱਚ ਸਬੰਧਤ ਡੀਐੱਸਪੀਜ਼ ਦੀ ਨਿਗਰਾਨੀ ਹੇਠ ਥਾਣਿਆਂ ਦੇ ਮੁੱਖ ਅਫ਼ਸਰਾਂ (ਐਸਐਚਓਜ਼) ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਇਨ੍ਹਾਂ ਮੀਟਿੰਗਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਇਸ ਨਾਲ ਸਾਹ ਦੀਆਂ ਬਿਮਾਰੀਆਂ, ਦਮਾ, ਅੱਖਾਂ ਵਿੱਚ ਜਲਣ ਅਤੇ ਦਿਲ ਤੇ ਫੇਫੜਿਆਂ ਨਾਲ ਸਬੰਧਤ ਸਮੱਸਿਆਵਾਂ ਦਾ ਖ਼ਤਰਾ ਵਧ ਸਕਦਾ ਹੈ।
ਇਸ ਤੋਂ ਇਲਾਵਾ ਧੂੰਏਂ ਕਾਰਨ ਸੜਕਾਂ ‘ਤੇ ਦਿੱਖ ਘਟਣ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੇ ਲਾਭਦਾਇਕ ਸੂਖਮ ਜੀਵਾਣੂ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ, ਜਿਸ ਨਾਲ ਵਾਤਾਵਰਣ ਅਤੇ ਖੇਤੀਬਾੜੀ ਦੋਵਾਂ ਨੂੰ ਨੁਕਸਾਨ ਪਹੁੰਚਦਾ ਹੈ।
ਜਲੰਧਰ ਦਿਹਾਤੀ ਪੁਲਿਸ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਇਸ ਦੇ ਪ੍ਰਬੰਧਨ ਲਈ ਸਰਕਾਰ ਵੱਲੋਂ ਉਪਲਬਧ ਕਰਵਾਈਆਂ ਗਈਆਂ ਮਸ਼ੀਨਾਂ ਅਤੇ ਹੋਰ ਵਿਗਿਆਨਕ ਤਰੀਕਿਆਂ ਦੀ ਵਰਤੋਂ ਕਰਨ। ਵਾਤਾਵਰਣ ਦੀ ਸੁਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਹਰ ਨਾਗਰਿਕ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।
ਸ. ਹਰਵਿੰਦਰ ਸਿੰਘ ਵਿਰਕ, ਪੀਪੀਐਸ, ਐਸਐਸਪੀ ਜਲੰਧਰ ਦਿਹਾਤੀ ਵੱਲੋਂ ਕਿਹਾ ਗਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਸਿਰਫ਼ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪ੍ਰਾਪਤੀ ਲਈ ਕਿਸਾਨਾਂ ਦੇ ਸਹਿਯੋਗ ਅਤੇ ਲੋਕਾਂ ਦੀ ਜਾਗਰੂਕਤਾ ਬਹੁਤ ਜ਼ਰੂਰੀ ਹੈ।
ਜਲੰਧਰ ਦਿਹਾਤੀ ਪੁਲਿਸ ਵੱਲੋਂ ਇਸ ਮੁਹਿੰਮ ਤਹਿਤ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ ਅਤੇ ਜਿੱਥੇ ਲੋਕਾਂ ਨੂੰ ਜਾਗਰੂਕ ਕਰਨ ਦੇ ਯਤਨ ਜਾਰੀ ਰਹਿਣਗੇ, ਉੱਥੇ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਵੀ ਯਕੀਨੀ ਬਣਾਈ ਜਾਵੇਗੀ।


























































