
ਕਿਹਾ – ਮੁੱਖ ਮੰਤਵ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਦਾ ਅਨਿਖੜਵਾਂ ਅੰਗ ਬਣਾਉਣਾ
ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਲੋਕ ਸਭਾ ਚੋਣਾਂ-2024 ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਲੋਕਤੰਤਰੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ‘ਡਿਸਟ੍ਰਿਕ ਮੋਨੀਟਰਿੰਗ ਕਮੇਟੀ ਆਨ ਅਕਸੈਸੇਬਲ ਇਲੈਕਸ਼ਨ (ਡੀ.ਐਮ.ਸੀ.ਏ.ਈ)’ ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਕਤ ਕਮੇਟੀ ਵਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਲੋਕ ਸਭਾ ਚੋਣਾਂ ਦੌਰਾਨ ਅਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਵੀਲ੍ਹ ਚੇਅਰ, ਬੂਥ ਵਲੰਟੀਅਰ ਲਗਾਉਣਾ, ਬਰੇਲ ਬੈਲਟ ਸੀਟ, ਹੈਲਪ ਡੈਸਕ, ਦਿਸ਼ਾ ਸੂਚਕ ਬੋਰਡ, ਵੋਟਾਂ ਵਾਲੇ ਦਿਨ ਅਜਿਹੇ ਵਿਅਕਤੀਆਂ ਨੂੰ ਘਰਾਂ ਤੋਂ ਲਿਆਉਣਾ ਅਤੇ ਵਾਪਿਸ ਲੈ ਕੇ ਜਾਣਾ, ਪੀਣ ਵਾਲੇ ਪਾਣੀ, ਖ਼ਜਾਨੇ ਅਤੇ ਰੈਂਪ ਆਦਿ ਦੀ ਨਜ਼ਰਸਾਨੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਚੋਣਾਂ ਦੌਰਾਨ ਸਰਗਰਮ ਭੂਮਿਕਾ ਨਿਭਾਉਣ ਦੇ ਯੋਗ ਬਣਾਉਣ ਲਈ ਸਾਰੇ ਸਬੰਧਿਤਾਂ ਦੀ ਸਿਖਲਾਈ ਤੋਂ ਇਲਾਵਾ ਵੱਧ ਤੋਂ ਵੱਧ ਜਾਗਰੂਕਤਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਪਲਬੱਧ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਸੰਜੀਦਾ ਉਪਰਾਲੇ ਵੀ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਾਲੀ ਕਮੇਟੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਜ਼ਿਲ੍ਹੇ ਦੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬਤੌਰ ਮੈਂਬਰ ਸ਼ਾਮਿਲ ਕੀਤਾ ਗਿਆ ਹੈ।





























