ਦੇਸ਼ਦੁਨੀਆਂਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਸੀਜਨ ਲਈ ਪੁਖ਼ਤਾ ਹੜ੍ਹ ਰੋਕੂ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ , ਧੁੱਸੀ ਬੰਨ੍ਹ ਉੱਪਰ ਕਮਜ਼ੋਰ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਮਜ਼ਬੂਤੀਕਰਨ ਉੱਪਰ ਦਿੱਤਾ ਜ਼ੋਰ

ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਵਿਚ ਸੰਭਾਵੀ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਰੇਨਾਂ/ਨਾਲਿਆਂ ਦੀ ਸਫਾਈ, ਮੁਰੰਮਤ ਤੇ ਨਿਕਾਸੀ, ਨਾਜ਼ੁਕ ਥਾਵਾਂ ਦੇ ਮਜ਼ਬੂਤੀਕਰਨ, ਸੈਂਡ ਬੈਗ ਸਮੇਤ ਹੜ੍ਹਾਂ ਤੋਂ ਬਚਾਅ ਸਬੰਧੀ ਹੋਰ ਕਾਰਜ ਤਰਜੀਹ ਦੇ ਆਧਾਰ ’ਤੇ ਮੁਕੰਮਲ ਕੀਤੇ ਜਾਣ ਤਾਂ ਜੋ ਮਾਨਸੂਨ ਦੌਰਾਨ ਕਿਸੇ ਵੀ ਹੜ੍ਹ ਵਾਲੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਰਹੇ।

ਹੜ੍ਹਾਂ ਦੀ ਸਥਿਤੀ ਵਿੱਚ ਨਿਕਾਸੀ ਯੋਜਨਾ ਪਹਿਲਾਂ ਹੀ ਤਿਆਰ ਕਰਨ ’ਤੇ ਜ਼ੋਰ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਸੰਵੇਦਨਸ਼ੀਲ ਸਥਾਨਾਂ ਦੇ ਨਾਲ-ਨਾਲ ਸੁਰੱਖਿਅਤ ਥਾਵਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਲੋੜ ਪੈਣ ’ਤੇ ਪ੍ਰਭਾਵਿਤਾਂ ਨੂੰ ਉਥੇ ਤਬਦੀਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਸਥਾਪਤ ਕੀਤੇ ਜਾਣ ਵਾਲੇ ਰਿਲੀਫ਼ ਕੇਂਦਰ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਬਣਾਏ ਜਾਣ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿਛਲੇ ਸਾਲ ਜਿਨ੍ਹਾਂ ਖੇਤਰਾਂ ਵਿੱਚ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਖੇਤਰਾਂ/ਸਥਾਨਾਂ ਦੀ ਜ਼ਮੀਨੀ ਪੱਧਰ ’ਤੇ ਜਾਂਚ ਕਰਕੇ ਲੋੜੀਂਦੇ ਇੰਤਜ਼ਾਮ ਕੀਤੇ ਜਾਣ। ਇਸ ਤੋਂ ਇਲਾਵਾ ਪਿਛਲੇ ਸਾਲਾਂ ਦੌਰਾਨ ਜਿਥੇ ਹੜ੍ਹਾਂ ਦੌਰਾਨ ਪਾੜ ਪਿਆ ਸੀ, ਉਨ੍ਹਾਂ ਸਥਾਨਾਂ ’ਤੇ ਮਜ਼ਬੂਤੀਕਰਨ ਸਬੰਧੀ ਲੋੜੀਂਦੇ ਕੰਮ ਬਰਸਾਤ ਤੋਂ ਪਹਿਲਾਂ ਯਕੀਨੀ ਬਣਾਏ ਜਾਣ।

ਉਨ੍ਹਾਂ ਕਿਹਾ ਕਿ ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ਼ ਜੈਕਟਾਂ, ਰੱਸੇ, ਕਿਸ਼ਤੀਆਂ ਅਤੇ ਹੋਰ ਸਮਾਨ ਦੀ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਅਗੇਤੇ ਤੌਰ ’ਤੇ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਮੁਰੰਮਤ ਜਾਂ ਨਵਾਂ ਖਰੀਦਣ ਦੀ ਲੋੜ ਹੈ ਤਾਂ ਤੁਰੰਤ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਸਪਰੇਅ, ਫੋਗਿੰਗ ਮਸ਼ੀਨਾਂ, ਦਵਾਈਆਂ, ਪਸ਼ੂਆਂ ਦੀਆਂ ਦਵਾਈਆਂ, ਸੁਰੱਖਿਆ ਸਪਲਾਈ ਆਦਿ ਸਬੰਧੀ ਪ੍ਰਬੰਧ ਪਹਿਲਾਂ ਹੀ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਅਣਗਹਿਲੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਖਵਿੰਦਰ ਸਿੰਘ ਰੰਧਾਵਾ, ਸਮੂਹ ਐਸ.ਡੀ.ਐਮਜ਼., ਜ਼ਿਲ੍ਹਾ ਮਾਲ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button