
ਸਮੂਹ ਭਾਗੀਦਾਰ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ’ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ
ਆਮ ਲੋਕਾਂ ਨੂੰ ਵੀ ਨਸ਼ਿਆਂ ਖਿਲਾਫ਼ ਮੁਹਿੰਮ ’ਚ ਸਹਿਯੋਗ ਦੇਣ ਲਈ ਕਿਹਾ, ਟੋਲ ਫ੍ਰੀ ਨੰਬਰ 112 ’ਤੇ ਦਿੱਤੀ ਜਾ ਸਕਦੀ ਹੈ ਨਸ਼ਿਆਂ ਸਬੰਧੀ ਸੂਚਨਾ
ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕਰਦਿਆਂ ਸਮੂਹ ਭਾਗੀਦਾਰ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਗੀਦਾਰ ਵਿਭਾਗਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਖਿਲਾਫ਼ ਜਾਗਰੂਕਤਾ ਫੈਲਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਵਿੱਦਿਅਕ ਅਦਾਰਿਆਂ ਵਿੱਚ ਨਸ਼ਿਆਂ ਖਿਲਾਫ਼ ਕਰਵਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਡਾ. ਅਗਰਵਾਲ ਨੇ ਸਿੱਖਿਆ, ਖੇਡਾਂ, ਤਕਨੀਕੀ ਸਿੱਖਿਆ, ਰੈੱਡ ਕਰਾਸ, ਹੁਨਰ ਵਿਕਾਸ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਜੰਗ ਵਿੱਚ ਵਧ-ਚੜ੍ਹ ਕੇ ਭਾਗ ਲੈਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਵਿਭਾਗਾਂ ਵੱਲੋਂ ਕੀਤੇ ਜਾਂਦੇ ਪ੍ਰੋਗਰਾਮਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਖਿਲਾਫ਼ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨਸ਼ਾ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਉਨ੍ਹਾਂ ਨੂੰ ਹੁਨਰ ਸਿਖ਼ਲਾਈ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ’ਤੇ ਵੀ ਜ਼ੋਰ ਦਿੱਤਾ।
ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਡਿਪਟੀ ਕਮਿਸ਼ਨਰ ਨੇ ਸਿਹਤ ਤੇ ਪੁਲਿਸ ਵਿਭਾਗ ਨੂੰ ਬਿਹਤਰ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਪੁਲਿਸ ਵਿਭਾਗ ਨੂੰ ਨਸ਼ਿਆਂ ਖਿਲਾਫ਼ ਚੌਕਸੀ ਹੋਰ ਵਧਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਥਾਵਾਂ ’ਤੇ ਲਗਾਤਾਰ ਨਜ਼ਰ ਰੱਖੀ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਮੈਡੀਕਲ ਸਟੋਰਾਂ ਦੀ ਵੀ ਨਿਯਮਿਤ ਚੈਕਿੰਗ ਦੇ ਨਿਰਦੇਸ਼ ਦਿੱਤੇ।
ਨਸ਼ਿਆਂ ਖਿਲਾਫ਼ ਮੁਹਿੰਮ ਵਿੱਚ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਸਬੰਧੀ ਕਿਸੇ ਵੀ ਕਿਸਮ ਦੀ ਸੂਚਨਾ ਦੇਣ ਲਈ ਲੋਕ ਟੋਲ ਫ੍ਰੀ ਨੰਬਰ 112 ’ਤੇ ਸੰਪਰਕ ਕਰ ਸਕਦੇ ਹਨ ਜਾਂ ਸਿੱਧੇ ਤੌਰ ’ਤੇ ਉਨ੍ਹਾਂ ਦੇ ਧਿਆਨ ਵਿੱਚ ਵੀ ਲਿਆ ਸਕਦੇ ਹਨ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਜਲੰਧਰ/ਨੂਰਮਹਿਲ ਅਤੇ ਪਿੰਡ ਸ਼ੇਖੇ ਵਿਖੇ ਨਸ਼ਾ ਛੁਡਾਊ ਕੇਂਦਰਾਂ ਦੇ ਕੰਮਕਾਜ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਐਸ.ਪੀ. ਜਸਰੂਪ ਕੌਰ ਬਾਠ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।





























