
ਜਲੰਧਰ, ਐਚ ਐਸ ਚਾਵਲਾ। ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਮੇਰੇ ਫਰਜੀ ਦਸਤਖ਼ਤ ਕਰਕੇ ਰਿਟਰਨਿੰਗ ਅਫਸਰ ਨੂੰ ਪੇਪਰ ਦਿੱਤੇ ਗਏ ਹਨ।
ਦਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਤੋਂ ਅਕਾਲੀ ਉਮੀਦਵਾਰ ਸੁਰਜੀਤ ਕੌਰ ਤੋਂ ਹਮਾਇਤ ਵਾਪਸ ਲੈ ਲਈ ਹੈ। ਇਸ ਤੋਂ ਬਾਅਦ ਸੁਰਜੀਤ ਕੌਰ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ‘ਤੇ ਗੰਭੀਰ ਦੋਸ਼ ਲਗਾਏ ਹਨ।
ਅੱਜ ਪੰਜਾਬ ਪ੍ਰੈਸ ਕਲੱਬ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸੁਰਜੀਤ ਕੌਰ ਦੱਸਿਆ ਕਿ ਬੁੱਧਵਾਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ ਸੀ, ਇਸੇ ਦੌਰਾਨ ਦੁਪਹਿਰ 2.45 ਵਜੇ ਮੰਨਣ ਨੇ ਰਿਟਰਨਿੰਗ ਅਫਸਰ ਨੂੰ ਪੱਤਰ ਲਿਖ ਕੇ ਨਾਮਜ਼ਦਗੀ ਵਾਪਸ ਲੈਣ ਲਈ ਕਿਹਾ, ਪਰ ਉਸ ‘ਤੇ ਦਸਤਖਤ ਨਹੀਂ ਕੀਤੇ ਗਏ।
ਕਿਸੇ ਨੇ ਧੋਖੇ ਨਾਲ ਮੇਰੇ ਦਸਤਖਤ ਕੀਤੇ ਸਨ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਦਸਤਖਤ ਮੰਨਣ ਨੇ ਕੀਤੇ ਜਾਂ ਕਿਸੇ ਹੋਰ ਨੇ। ਸੁਰਜੀਤ ਕੌਰ ਨੇ ਦੱਸਿਆ ਕਿ ਉਸ ਪੱਤਰ ਵਿੱਚ ਲਿਖਿਆ ਗਿਆ ਸੀ ਕਿ ‘ਸੁਰਜੀਤ ਕੌਰ ਆਪਣੀ ਨਾਮਜ਼ਦਗੀ ਵਾਪਸ ਲੈ ਕੇ ਸਾਰੀ ਸ਼ਕਤੀ ਕੁਲਵੰਤ ਸਿੰਘ ਮੰਨਣ ਨੂੰ ਸੌਂਪ ਦੇਣ। ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇਗੀ।
ਪ੍ਰੈਸ ਕਾਨਫਰੰਸ ਦੌਰਾਨ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੀ ਜ਼ਿੰਮੇਵਾਰੀ ਮਹਿੰਦਰ ਸਿੰਘ ਕੇ.ਪੀ., ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬੀਬੀ ਜਗੀਰ ਕੌਰ ਨੂੰ ਸੌਂਪੀ ਸੀ, ਜਿਸ ਤੋਂ ਬਾਅਦ ਜਥੇਦਾਰ ਪ੍ਰੀਤਮ ਸਿੰਘ ਦੀ ਪਤਨੀ ਸੁਰਜੀਤ ਕੌਰ ਨੂੰ ਟਿਕਟ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਬੀਬੀ ਜਗੀਰ ਕੌਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਪਾਰਟੀ ਤੋਂ ਬਾਗੀ ਹੋ ਚੁੱਕੇ ਹਨ ਤਾਂ ਸੁਰਜੀਤ ਕੌਰ ਤੋਂ ਸਮਰਥਨ ਕਿਉਂ ਵਾਪਸ ਲਿਆ ਗਿਆ, ਜੋ ਕਿ ਬਹੁਤ ਗਲਤ ਹੈ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਜਲੰਧਰ ਪੱਛਮੀ ਤੋਂ ਉਮੀਦਵਾਰ ਸੁਰਜੀਤ ਕੌਰ ਦਾ ਇੱਕ ਹੋਰ ਬਿਆਨ ਸਾਹਮਣੇ ਆਇਆ ਹੈ ਕਿ ਉਹ ਹਾਲ ਵਿੱਚ MP ਬਣੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਤੋਂ ਵੀ ਸਮਰਥਨ ਮੰਗਣਗੇ ਅਤੇ ਉਹ ਜਲਦੀ ਹੀ ਦੋਵਾਂ ਦੇ ਪਰਿਵਾਰਾਂ ਨੂੰ ਮਿਲਣਗੇ। ਇਹ ਹੀ ਨਹੀਂ ਉਹ ਸਿਮਰਨਜੀਤ ਸਿੰਘ ਮਾਨ ਤੋਂ ਵੀ ਸਮਰਥਨ ਲੈਣਗੇ।





























