
ਨਸ਼ੇ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ‘ਐਨ-ਕੋਰਡ’ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਜ਼ਿਲ੍ਹੇ ‘ਚ ਨਸ਼ਿਆਂ ਖਿਲਾਫ਼ ਚੱਲ ਰਹੀਆਂ ਗਤੀਵਿਧੀਆਂ ਦੇ ਬਾਰੇ ਪਾਇਆ ਚਾਨਣਾ
ਜਲੰਧਰ/ਹੁਸ਼ਿਆਰਪੁਰ, ਐਚ ਐਸ ਚਾਵਲਾ। DIG ਜਲੰਧਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ਼ ਸ਼ੁਰੂ ਮੁਹਿੰਮ ਤਹਿਤ ਨਸ਼ਾ ਤਸਕਰਾਂ ‘ਤੇ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ੇ ਦੇ ਚੁੰਗਲ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਾਉਣਾ ਉਨ੍ਹਾਂ ਦਾ ਮੁੱਖ ਮੱਕਸਦ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ੇ ਦੇ ਖਿਲਾਫ਼ ਚਲਾਈ ਗਈ ਮੁਹਿੰਮ ਸਬੰਧੀ ‘ਨਾਰਕੋ ਕੁਆਰਡੀਨੇਸ਼ਨ ਮਕੈਨਿਜ਼ਮ (ਐਨ-ਕੋਰਡ) ਅਤੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ SSP ਸੁਰੇਂਦਰ ਲਾਂਬਾ ਵੀ ਮੌਜੂਦ ਸਨ।
DIG ਗਿੱਲ ਨੇ ਮੀਟਿੰਗ ਦੌਰਾਨ ਵੱਖ- ਵੱਖ ਵਿਭਾਗਾਂ ਵੱਲੋਂ ਨਸ਼ੇ ਦੇ ਖਿਲਾਫ ਕੀਤੇ ਜਾ ਰਹੇ ਕੰਮਾਂ ਬਾਰੇ ਵਿਚ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਨੂੰ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਨੂੰ ਲਈ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
DIG ਗਿੱਲ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹੇ ਵਿਚ ਨਸ਼ੇ ਦੇ ਖਿਲਾਫ਼ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੇ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਮਿਲ ਕੇ ਇਸ ਮੁਹਿੰਮ ਵਿੱਚ ਦਿਨ-ਰਾਤ ਲੱਗਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਿਥੇ ਸਾਡੀ ਕੋਸ਼ਿਸ਼ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਦੇ ਮੁੜ ਵਸੇਬਾ ਕਰਨਾ ਹੈ, ਉਥੇ ਹੋਰ ਨੌਜਵਾਨ ਨਸ਼ੇ ਦੇ ਜਾਲ ਵਿਚ ਨਾ ਫਸਣ, ਇਸ ਸਬੰਧੀ ਜਾਗਰੁਕਤਾ ਗਤੀਵਿਧੀਆਂ ਵੀ ਕਰਵਾਉਣਾ ਹੈ।
ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਉਨ੍ਹਾਂ ਵਲੋਂ ਸਾਰੇ ਵਿਭਾਗਾਂ ਤੋਂ ਜਾਣਕਾਰੀ ਹਾਸਲ ਕਰਦਿਆਂ ਫੀਡਬੈਕ ਲਈ ਗਈ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਹੋਰ ਨਵੇਂ ਕੰਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨਾ ਬਹੁਤ ਅਹਿਮ ਕੰਮ ਹੈ, ਜਿਸ ਦੇ ਲਈ ਨੌਜਵਾਨ ਕਲੱਬਾਂ ਨੂੰ ਆਉਣ ਵਾਲੇ ਸਮੇਂ ਫੁੱਟਬਾਲ, ਬਾਸਕਿਟਬਾਲ, ਵਾਲੀਬਾਲ ਅਤੇ ਹੋਰ ਸਪੋਰਟਸ ਕਿੱਟਾਂ ਵੀ ਦਿੱਤੀਆਂ ਜਾਣਗੀਆਂ।
SSP ਸੁਰੇਂਦਰ ਲਾਂਬਾ ਨੇ ਕਿਹਾ ਕਿ ਹੁਸ਼ਿਆਰਪੁਰ ਪੁਲਿਸ ਵੱਲੋਂ ਬੀਤੇ ਜੂਨ ਮਹੀਨੇ ਦੌਰਾਨ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ਖਿਲਾਫ ਇਸ ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ- ਵੱਖ ਥਾਣਿਆਂ ਵਿਚ NDPS ਤਹਿਤ ਜੂਨ 2024 ਦੌਰਾਨ ਕੁੱਲ 83 ਮੁਕੱਦਮੇ ਦਰਜ ਕਰਕੇ 108 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ NDPS ਐਕਟ ਤਹਿਤ ਹੋਏ 34 ਮੁਕੱਦਮਿਆਂ ਵਿਚ ਧਾਰਾ 29 NDPS ਐਕਟ ਤਹਿਤ 42 ਹੋਰ ਦੋਸ਼ੀ ਨਾਮਜ਼ਦ ਕੀਤੇ ਗਏ ਅਤੇ 2 ਭਗੋੜਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਤੋਂ 531 ਗ੍ਰਾਮ ਹੈਰੋਇਨ, 3 ਕਿਲੋ 390 ਗ੍ਰਾਮ ਅਫੀਮ, 52 ਕਿਲੋ ਚੂਰਾ ਪੋਸਤ, 900 ਗ੍ਰਾਮ ਚਰਸ, 2 ਕਿਲੋ 800 ਗ੍ਰਾਮ ਗਾਂਜਾ, 2 ਕਿਲੋ 860 ਗ੍ਰਾਮ ਨਸ਼ੀਲਾ ਪਾਉਡਰ, 43 ਟੀਕੇ ਅਤੇ 4804 ਗੋਲੀਆਂ,-ਕੈਪਸੂਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਖਿਲਾਫ਼ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐਸ.ਪੀ (ਸਥਾਨਕ) ਮਨੋਜ ਕੁਮਾਰ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
















