
ਜਲੰਧਰ, ਐਚ ਐਸ ਚਾਵਲਾ। ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਸ਼ਹਿਰ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਕਮਿਸ਼ਨਰੇਟ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਸੀਆਈਏ ਸਟਾਫ਼ ਜਲੰਧਰ ਦੀ ਟੀਮ ਵਾਈ-ਪੁਆਇੰਟ ਹਰਨਾਮ ਦਾਸ ਪੁਰਾ ਜਲੰਧਰ ਨੇੜੇ ਮੌਜੂਦ ਸੀ, ਜਦੋਂ ਉਨ੍ਹਾਂ ਨੇ ਇੱਕ ਸ਼ੱਕੀ ਵਿਅਕਤੀ ਨੂੰ ਦੇਖਿਆ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਉਕਤ ਨੌਜਵਾਨ ਦੀ ਪਛਾਣ ਨਰੇਸ਼ ਉਰਫ ਚੀਨੂ ਪੁੱਤਰ ਧਰਮਪਾਲ ਵਾਸੀ ਈ.ਐੱਫ.-228 ਮੰਡੀ ਰੋਡ ਬਾਰਦਾਨਾ ਬਾਜ਼ਾਰ ਜਲੰਧਰ ਵਜੋਂ ਕੀਤੀ। ਉਨ੍ਹਾਂ ਦੱਸਿਆ ਕਿ ਥਾਣਾ ਡਿਵੀਜ਼ਨ 2 ਜਲੰਧਰ ਵਿਖੇ ਐਫਆਈਆਰ 86 ਮਿਤੀ 06-08-2024 ਅਧੀਨ 21/29-61-85 ਐਨਡੀਪੀਐਸ ਐਕਟ ਦਰਜ ਕੀਤੀ ਗਈ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸੌਰਵ ਕੁਮਾਰ ਪੁੱਤਰ ਡੋਗਰ ਮੱਲ ਵਾਸੀ ਈਜੀ-796 ਮੰਡੀ ਰੋਡ ਨੇੜੇ ਰੇਲਵੇ ਸਟੇਸ਼ਨ ਪੀ.ਐਸ. ਨਿਊ ਬਾਰਾਦਰੀ ਜਲੰਧਰ ਵੀ ਚੀਨੂ ਨਾਲ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸੀ।
ਇਸ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਸੌਰਵ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਇੱਕ-ਇੱਕ ਐਫਆਈਆਰ ਪਹਿਲਾਂ ਹੀ ਪੈਂਡਿੰਗ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।





























