
ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ‘ਦੇ ਆਧਾਰ ਤੇ ਪਟੇਲ ਚੌਕ ਜਲੰਧਰ ਵਿਖੇ ਜਾਲ ਵਿਛਾਇਆ ਸੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਉਨ੍ਹਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਕਿ ਸ਼ਹਿਰ ‘ਚ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਕਾਸ ਉਰਫ ਕਾਲੀ, ਸੌਰਵ ਉਰਫ ਸਾਬੀ, ਤਰੁਣ ਬਗਾਨੀਆ ਅਤੇ ਰਿਸ਼ੀ ਕੁਮਾਰ ਉਰਫ ਰਿਸ਼ੀ ਗਾਂਧੀ ਵਨੀਤਾ ਆਸ਼ਰਮ ਨੇੜੇ ਕਿਸੇ ਦੀ ਉਡੀਕ ਕਰ ਰਹੇ ਸਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਕਾਰਵਾਈ ਕਰਦਿਆਂ ਵਿਕਾਸ ਉਰਫ਼ ਕਾਲੀ, ਸੌਰਵ ਉਰਫ਼ ਸਾਬੀ ਅਤੇ ਰਿਸ਼ੀ ਕੁਮਾਰ ਉਰਫ਼ ਰਿਸ਼ੀ ਨੂੰ ਕਾਬੂ ਕਰ ਲਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਐਫਆਈਆਰ ਨੰਬਰ 97 ਮਿਤੀ 18.09.2024 ਨੂੰ ਧਾਰਾ 303(2), 304(2), 3(5), ਬਾਅਦ ਵਿੱਚ 317(2) ਬੀਐਨਐਸ ਜੋੜ ਕੇ ਥਾਣਾ ਡਵੀਜ਼ਨ ਨੰਬਰ 2 ਜਲੰਧਰ ਵਿਖੇ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲੋਂ ਵੱਖ-ਵੱਖ ਖੇਤਰਾਂ ‘ਚੋਂ ਖੋਹੇ ਗਏ ਵੱਖ-ਵੱਖ ਬਰਾਂਡਾਂ ਦੇ 15 ਮੋਬਾਈਲ ਫ਼ੋਨ ਅਤੇ ਇੱਕ ਦਾਤਰ (ਚਾਕੂ) ਬਿਨਾਂ ਨੰਬਰੀ ਇੱਕ ਐਕਟਿਵਾ ਬਰਾਮਦ ਕੀਤਾ ਗਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਵਿੱਚ ਸ਼ਾਮਲ ਸਨ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਕਾਸ ਖ਼ਿਲਾਫ਼ ਪਹਿਲਾਂ ਹੀ ਦੋ ਐਫਆਈਆਰ ਪੈਂਡਿੰਗ ਹਨ ਜਦਕਿ ਰਿਸ਼ੀ ਖ਼ਿਲਾਫ਼ ਛੇ ਕੇਸ ਪੈਂਡਿੰਗ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਪੁਲਿਸ ਸ਼ਹਿਰ ਵਿੱਚੋਂ ਜੁਰਮ ਦਾ ਸਫਾਇਆ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।





























