
ਜਲੰਧਰ ਕੈਂਟ, ਐਚ ਐਸ ਚਾਵਲਾ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, DGP ਪੰਜਾਬ ਸ਼੍ਰੀ ਗੌਰਵ ਯਾਦਵ ਅਤੇ CP ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ ਜੀ ਦੀਆਂ ਹਦਾਇਤਾਂ ਅਨੁਸਾਰ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਅੱਜ ACP ਜਲੰਧਰ ਕੈਂਟ ਬਬਨਦੀਪ ਸਿੰਘ ਅਤੇ SHO ਕੈਂਟ ਰਵਿੰਦਰ ਕੁਮਾਰ ਵਲੋਂ ਕੈਂਟ ਦੇ ਮੁਹੱਲਾ ਨੰਬਰ 30 ਅਤੇ 31 ਵਿੱਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਜੂਦ ਸੀ। ਇਸੇ ਤਰਾਂ SHO ਸਦਰ ਇੰਸਪੈਕਟਰ ਸੰਜੀਵ ਕੁਮਾਰ ਵਲੋਂ ਵੀ ਆਪਣੇ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਵਲੋਂ ਬੈਰੀਕੇਡ ਲਗਾ ਕੇ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ।


ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ACP ਬਬਨਦੀਪ ਸਿੰਘ ਨੇ ਦੱਸਿਆ ਕਿ CM ਪੰਜਾਬ, DGP ਪੰਜਾਬ ਅਤੇ CP ਜਲੰਧਰ ਦੀਆਂ ਹਦਾਇਤਾਂ ਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਇਹ ਕਾਰਵਾਈ ਕੀਤੀ ਗਈ ਹੈ ਜੋਕਿ ਅੱਗੇ ਵੀ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਿਆਂ ਦਾ ਵਪਾਰ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਸੂਰਤ ਵਿੱਚ ਨਹੀਂ ਬਖਸ਼ਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨਿਰੋਗੀ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਦੇ ਇਸ ਕੋਹੜ ਨੂੰ ਜੜੋਂ ਖਤਮ ਕਰਨ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਾ ਹਿੱਸਾ ਬਣਕੇ ਵਿਸ਼ੇਸ਼ ਸਹਿਯੋਗ ਦੇਣ ਲਈ ਅਪੀਲ ਕੀਤੀ।





























