
ਚੰਡੀਗੜ੍ਹ, (PRIME INDIAN NEWS) :- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੋਈ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਪੁਲਿਸ ਇੱਕ ਹਫ਼ਤੇ ਦੇ ਅੰਦਰ-ਅੰਦਰ ਉਸ ਦੀ ਜਾਇਦਾਦ ਜ਼ਬਤ ਕਰ ਲਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਨੀਤੀ ਨੂੰ ਮਿਸ਼ਨਰੀ ਭਾਵਨਾ ਨਾਲ ਲਾਗੂ ਕਰਨ ਲਈ ਕਿਹਾ ਗਿਆ ਤਾਂ ਜੋ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਵਧਾਉਣ ਲਈ ਫੋਰਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਅਪਰਾਧ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਦੂਜੇ ਪਾਸੇ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਤਕਨੀਕ ਨਾਲ ਲੈਸ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਸਫ਼ਲਤਾਪੂਰਵਕ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਇਹ ਫੋਰਸ ਸੜਕ ਹਾਦਸਿਆਂ ਤੋਂ ਬਾਅਦ 2000 ਤੋਂ ਵੱਧ ਕੀਮਤੀ ਜਾਨਾਂ ਬਚਾ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸੂਬੇ ਦੀ ਬਿਹਤਰੀ ਲਈ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਕਿਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਦਿਨ ਚਲੇ ਗਏ ਹਨ ਜਦੋਂ ਸੂਬਾ ਸਰਕਾਰ ‘ਕਮਿਸ਼ਨ’ ‘ਤੇ ਚਲਦੀ ਸੀ। ਹੁਣ ਸਰਕਾਰ ਦਾ ‘ਮਿਸ਼ਨ’ ਵਾਂਗ ਚੱਲ ਰਿਹਾ ਹੈ। ਇਸੇ ਤਰ੍ਹਾਂ ਰਾਜ ਵਿੱਚ ਤਸਕਰੀ ਲਈ ਡਰੋਨ ਦੀ ਵਰਤੋਂ ਕਰਨ ਵਾਲੇ ਤਸਕਰਾਂ, ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਨਜਿੱਠਣ ਲਈ ਵਿਸਤ੍ਰਿਤ ਰਣਨੀਤੀ ਬਣਾਈ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਪੈਦਾ ਨਹੀਂ ਹੁੰਦੇ, ਸਗੋਂ ਦੂਜੇ ਰਾਜਾਂ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਰੋਜ਼ਾਨਾ ਦੇ ਕੰਮਾਂ ਲਈ ਥਾਣਿਆਂ ‘ਚ ਆਉਣ ਵਾਲੇ ਲੋਕਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਲਈ ਕਿਹਾ ਗਿਆ ਹੈ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਥਾਣਿਆਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਹੋਣ ਵਾਲੀ ਬੇਲੋੜੀ ਪ੍ਰੇਸ਼ਾਨੀ ਲਈ ਸਬੰਧਤ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਵਿਧਾਇਕਾਂ ਅਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਰਣਨੀਤੀ ਅਪਣਾਈ ਹੋਈ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਕੋਈ ਵੀ ਸ਼ਾਮਲ ਹੋਵੇ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਲੋਕਾਂ ਪ੍ਰਤੀ ਅੱਖਾਂ ਬੰਦ ਨਹੀਂ ਕਰ ਸਕਦੀ ਜੋ ਨਸ਼ੇ ਵੇਚ ਕੇ ਸਾਡੀਆਂ ਪੀੜ੍ਹੀਆਂ ਦੀ ‘ਨਸਲਕੁਸ਼ੀ’ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਲੋਕਾਂ ਨੂੰ ਮਿਸਾਲੀ ਸਜ਼ਾ ਦੇਵੇਗੀ ਤਾਂ ਜੋ ਹੋਰਾਂ ਨੂੰ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਨ ਤੋਂ ਰੋਕਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਸੱਤਾ ਵਿੱਚ ਹਿੱਸੇਦਾਰੀ ਨਾ ਮਿਲਣ ਕਾਰਨ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਇਸੇ ਨਿਰਾਸ਼ਾ ਕਾਰਨ ਸਾਬਕਾ ਸੰਸਦ ਮੈਂਬਰ ਵੱਲੋਂ ਸੂਬਾ ਸਰਕਾਰ ਵਿਰੁੱਧ ਬੇਬੁਨਿਆਦ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਚਿੰਤਾ ਹੈ, ਜਦੋਂ ਕਿ ਮੁੱਖ ਮੰਤਰੀ ਵਜੋਂ ਉਨ੍ਹਾਂ ਨੂੰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀਆਂ ਖੁਸ਼ੀਆਂ ਦੀ ਚਿੰਤਾ ਹੈ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਅਫਸੋਸ ਜ਼ਾਹਰ ਕੀਤਾ ਕਿ ਲੰਬੇ ਸਮੇਂ ਤੋਂ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸੂਬੇ ਵਿੱਚ ਵਿਕਾਸ ਕਾਰਜਾਂ ਵਿੱਚ ਰੁਕਾਵਟ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਖੁਸ਼ੀਆਂ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਮੁੜ ਤੋਂ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜ਼ਮੀਨੀ ਪੱਧਰ ‘ਤੇ ਲੋਕਾਂ ਤੋਂ ਸੁਝਾਅ ਲੈ ਕੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਰਣਨੀਤੀਆਂ ਬਣਾ ਰਹੀ ਹੈ।





























