
ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ /ਕਰਮਚਾਰੀਆਂ ਸਬੰਧੀ ਸਿਫ਼ਾਰਸ਼ਾਂ 7 ਅਗਸਤ ਤੱਕ ਭੇਜਣ ਦੇ ਨਿਰਦੇਸ਼ , ਪਿਛਲੇ 2 ਸਾਲਾਂ ਵਿਚ ਸਨਮਾਨਿਤ ਹੋਣ ਵਾਲਿਆਂ ਨੂੰ ਨਹੀਂ ਵਿਚਾਰਿਆ ਜਾਵੇਗਾ
ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਆਜ਼ਾਦੀ ਦਿਹਾੜੇ ਮੌਕੇ 15 ਅਗਸਤ 2024 ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਚੱਲ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਅੱਜ ਇਥੇ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਆਉਣ ਵਾਲੇ ਲੋਕਾਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਦਿਆਂ ਸੁਖਾਲੀ ਐਂਟਰੀ, ਪਾਰਕਿੰਗ ਆਦਿ ਦੇ ਢੁੱਕਵੇਂ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾ ਲਏ ਜਾਣ ਤਾਂ ਜੋ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਲਈ ਰਿਹਰਸਲਾਂ 5 ਅਗਸਤ ਤੋਂ ਸ਼ੁਰੂ ਹੋਣਗੀਆਂ । 13 ਅਗਸਤ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ ।
ਡਿਪਟੀ ਕਮਿਸ਼ਨਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ /ਕਰਮਚਾਰੀਆਂ ਸੰਬੰਧੀ ਵਿਭਾਗੀ ਮੁਖੀ 7 ਅਗਸਤ ਤੱਕ ਸ਼ਾਮ 5 ਵਜੇ ਤੱਕ ਭੇਜਣ । ਇਸ ਤੋਂ ਬਾਅਦ ਪ੍ਰਾਪਤ ਕਿਸੇ ਵੀ ਸਿਫ਼ਾਰਸ਼ ਨੂੰ ਰੱਦ ਕਰ ਦਿੱਤਾ ਜਾਵੇਗਾ ।
ਉਨ੍ਹਾਂ ਵਿਭਾਗੀ ਮੁਖੀਆਂ ਨੂੰ ਕਿਹਾ ਕਿ ਕੇਵਲ ਆਹਲਾ ਦਰਜੇ ਦੀਆਂ ਸੇਵਾਵਾਂ ਨਿਭਾਉਣ ਵਾਲੇ ਕਰਮੀਆਂ ਦੀ ਹੀ ਸਿਫਾਰਸ਼ ਕੀਤੀ ਜਾਵੇ ।
ਇਸ ਤੋਂ ਇਲਾਵਾ ਜੋ ਅਧਿਕਾਰੀ/ ਕਰਮਚਾਰੀ / ਪ੍ਰਮੁੱਖ ਸ਼ਖਸ਼ੀਅਤਾਂ ਪਿਛਲੇ 2 ਸਾਲ ਵਿੱਚ ਆਜ਼ਾਦੀ ਦਿਹਾੜੇ / ਗਣਤੰਤਰ ਦਿਵਸ ਮੌਕੇ ਸਨਮਾਨਿਤ ਹੋਏ ਹਨ , ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਨਹੀਂ ਵਿਚਾਰਿਆ ਜਾਵੇਗਾ ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਪਹਿਲਾਂ ਸਨਮਾਨਿਤ ਕਿਸੇ ਕਰਮਚਾਰੀ / ਸ਼ਖਸ਼ੀਅਤ ਨੂੰ ਦੁਬਾਰਾ ਸਨਮਾਨਿਤ ਕੀਤੇ ਜਾਣ ਦੀ ਸਿਫਾਰ਼ਸ਼ ਸਮਰੱਥ ਅਥਾਰਟੀ ਵੱਲੋਂ ਕੀਤੀ ਜਾਣੀ ਹੈ ਤਾਂ ਸਨਮਾਨਿਤ ਕੀਤੇ ਜਾਣ ਲਈ ਕਾਰਨ ਵੱਖਰਾ ਹੋਣਾ ਚਾਹੀਦਾ ਹੈ ।
ਡਾ. ਅਗਰਵਾਲ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਇਹ ਵੀ ਕਿਹਾ ਕਿ ਸਮਾਗਮ ਤੋਂ ਪਹਿਲਾਂ ਅਤੇ ਬਾਅਦ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਢੁੱਕਵੇਂ ਬੰਦੋਬਸਤ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕੋਈ ਅਸੁਵਿਧਾ ਨਾ ਹੋਵੇ।
ਸਟੇਡੀਅਮ ਦੀ ਸਾਫ-ਸਫਾਈ, ਸਜਾਵਟ, ਬੈਠਣ ਦੇ ਪ੍ਰਬੰਧ, ਪੀਣ ਵਾਲਾ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਆਰਜੀ ਪਖਾਨੇ ਆਦਿ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਮੁੱਚੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਹੋਣੇ ਚਾਹੀਦੇ ਹਨ, ਜਿਸ ਦੇ ਲਈ ਸੀਨੀਅਰ ਅਧਿਕਾਰੀ ਖੁਦ ਇੰਤਜ਼ਾਮਾਂ ਦੀ ਨਿਗਰਾਨੀ ਯਕੀਨੀ ਬਣਾਉਣ।
ਉਨ੍ਹਾਂ ਇਸ ਮੌਕੇ ਸਿਵਲ ਸਰਜਨ ਨੂੰ ਸਮਾਗਮ ਵਾਲੇ ਸਥਾਨ ’ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ।
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬੀ.ਐਸ.ਐਫ., ਆਈ.ਟੀ.ਬੀ.ਪੀ., ਸੀ.ਆਰ.ਪੀ.ਐਫ., ਆਰਮਡ ਪੁਲਿਸ ਪੀ.ਏ.ਪੀ., ਪੰਜਾਬ ਪੁਲਿਸ, ਐਨ.ਸੀ.ਸੀ., ਹੋਮਗਾਰਡ, ਗਰਲਜ਼ ਗਾਈਡ, ਸਕਾਊਟਸ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਪ੍ਰੋਗਰਾਮ ਪੇਸ਼ ਕਰਨਗੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਰਾਸ਼ਟਰੀ ਮਹੱਤਤਾ ਵਾਲੇ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ।





























