ਦੇਸ਼ਦੁਨੀਆਂਪੰਜਾਬ

DIG ਜਲੰਧਰ ਰੇਂਜ ਹਰਮਨਬੀਰ ਗਿੱਲ ਵੱਲੋਂ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ, ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਨਿਰਦੇਸ਼

ਜਲੰਧਰ ਦਿਹਾਤੀ, ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼, ਗਜ਼ਟਿਡ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਨਾਲ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਸਪਲਾਈ ਚੇਨ ਤੋੜਨ ਲਈ ਵੱਡੇ ਤਸਕਰਾਂ ਦੀ ਪਛਾਣ ਕਰਨ ਤੇ ਉਨ੍ਹਾਂ ਵਿਰੁੱਧ ਸਖ਼ਤ ਕਰਵਾਈ ਕਰਨ ਦੀਆਂ ਹਦਾਇਤਾਂ

ਐਸ.ਐਸ.ਪੀਜ਼. ਨੂੰ ਭ੍ਰਿਸ਼ਟਾਚਾਰ ’ਚ ਸ਼ਾਮਲ ਜਾਂ ਨਸ਼ਾ ਤਸਕਰਾਂ ਨਾਲ ਮਿਲੇ ਹੋਏ ਕਿਸੇ ਵੀ ਪੁਲਿਸ ਕਰਮਚਾਰੀ ਨੂੰ ਨਾ ਬਖਸ਼ਣ ਲਈ ਵੀ ਕਿਹਾ

ਕਿਹਾ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ’ਚ ਮੌਜੂਦ ਰਹਿਣ ਅਧਿਕਾਰੀ

ਤਬਾਦਲਾ ਨੀਤੀ ਦੀ ਪਾਲਣਾ ਕਰਦਿਆਂ ਜਲੰਧਰ ਰੇਂਜ ’ਚ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦਾ ਫੇਰਬਦਲ

ਜਲੰਧਰ, ਐਚ ਐਸ ਚਾਵਲਾ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਦੇ ਨਸ਼ਿਆਂ ਅਤੇ ਜੁਰਮ ਵਿਰੁੱਧ ਜ਼ੀਰੋ-ਟਾਲਰੈਂਸ ਦੀ ਨੀਤੀ ਅਪਣਾਉਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਜਲੰਧਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਸ਼ਨੀਵਾਰ ਨੂੰ ਆਪਣੀ ਰੇਂਜ ਦੇ ਸਮੂਹ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ।

ਡੀ.ਆਈ.ਜੀ. ਅਪਰਾਧਾਂ ਦੀ ਜਾਂਚ ਸਬੰਧੀ ਪੈਂਡੈਂਸੀ, ਜੁਰਮਾਂ ਦੀ ਰੋਜ਼ਾਨਾ ਨਿਗਰਾਨੀ, ਰੋਜ਼ਾਨਾ ਦੇ ਕੰਮਕਾਜ, ਆਮ ਪੈਂਡੈਂਸੀ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਜਲੰਧਰ ਦਿਹਾਤੀ, ਕਪੂਰਥਲਾ ਅਤੇ ਹੁਸ਼ਿਆਰਪੁਰ ਸਮੇਤ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼, ਐਸ.ਪੀਜ਼, ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨਾਲ ਮੀਟਿੰਗ ਕਰ ਰਹੇ ਸਨ।

ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਅਧਿਕਾਰੀਆਂ ਨੂੰ ਅਣਸੁਲਝੇ ਕੇਸਾਂ ਦੇ ਬੈਕਲਾਗ ਨੂੰ ਕਲੀਅਰ ਕਰਨ ਅਤੇ ਲੰਬਿਤ ਪੜਤਾਲਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੰਬਿਤ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਮਾਣਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਸਮਾਂਬੱਧ ਢੰਗ ਨਾਲ ਕਰਨ ਲਈ ਕਿਹਾ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਸਾਰੇ ਭਗੌੜੇ ਅਪਰਾਧੀਆਂ ਅਤੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ ਵੀ ਦਿੱਤੇ। ਉਨ੍ਹਾਂ ਨੇ ਐਸ.ਐਸ.ਪੀਜ਼ ਨੂੰ ਅਜਿਹੀਆਂ ਅਪਰਾਧ ਵਾਲੀਆਂ ਥਾਵਾਂ ਦਾ ਵਿਅਕਤੀਗਤ ਤੌਰ ’ਤੇ ਦੌਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ, ਜਿੱਥੇ ਧਾਰਮਿਕ ਭਾਵਨਾਵਾਂ ਸ਼ਾਮਲ ਹਨ ਤਾਂ ਜੋ ਸਥਿਤੀ ਨਾਲ ਨਰਮੀ ਨਾਲ ਨਿਪਟਿਆ ਜਾ ਸਕੇ।

ਡੀ.ਆਈ.ਜੀ. ਨੇ ਅਧਿਕਾਰੀਆਂ ਨੂੰ ਕਿਹਾ ਕਿ ਸਪਲਾਈ ਚੇਨ ਤੋੜਨ ਲਈ ਵੱਡੇ ਤਸਕਰਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਡਰੱਗ ਸਪਲਾਇਰਾਂ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਬਣਾਈ ਜਾਇਦਾਦ ਨੂੰ ਜ਼ਬਤ ਕਰਨ ਲਈ ਐਨ.ਡੀ.ਪੀ.ਐਸ. ਦੀ ਧਾਰਾ 68ਐਫ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਨੇ ਐਸ.ਐਸ.ਪੀਜ਼ ਨੂੰ ਸਪੱਸ਼ਟ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਏ ਜਾਣ ਵਾਲੇ ਜਾਂ ਨਸ਼ਾ ਤਸਕਰਾਂ ਨਾਲ ਮਿਲੀਭਗੁਤ ਵਾਲੇ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਅਜਿਹੀਆਂ ਕਾਲੀਆਂ ਭੇਡਾਂ ਖਿਲਾਫ਼ ਵਿਭਾਗੀ ਕਾਰਵਾਈ ਅਤੇ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇ।

ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਸਮੂਹ ਐਸ.ਐਸ.ਪੀਜ਼., ਗਜ਼ਟਿਡ ਅਧਿਕਾਰੀਆਂ ਅਤੇ ਐਸ.ਐਚ.ਓਜ਼ ਨੂੰ ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਸਬੰਧਤ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੀਆਂ ਹਦਾਇਤਾਂ ਦਿੱਤੀਆਂ।
ਉਨ੍ਹਾਂ ਸਮੂਹ ਐਸ.ਐਚ.ਓਜ਼ ਨੂੰ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਲਈ ਪਹੁੰਚਯੋਗ ਬਣਨ ਦੇ ਨਾਲ-ਨਾਲ ਨਾਗਰਿਕ ਪੱਖੀ ਪੁਲਿਸਿੰਗ ਯਕੀਨੀ ਬਣਾਉਣ ਲਈ ਕਿਹਾ। ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਨੇ ਐਸ.ਐਚ.ਓਜ਼ ਨੂੰ ਸਵੇਰੇ 8 ਵਜੇ ਆਪੋ-ਆਪਣੇ ਥਾਣੇ ਪਹੁੰਚਣ ਅਤੇ ਆਪਣੇ ਥਾਣੇ ਵਿੱਚ ਤਾਇਨਾਤ ਪੁਲਿਸ ਫੋਰਸ ਦੀ ਸਵੇਰ ਦੀ ਬ੍ਰੀਫਿੰਗ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ।

ਇਸ ਦੌਰਾਨ ਤਬਾਦਲਾ ਨੀਤੀ ਸਬੰਧੀ ਡੀ.ਜੀ.ਪੀ. ਪੰਜਾਬ ਦੇ ਸਥਾਈ ਹੁਕਮਾਂ ਦੀ ਪਾਲਣਾ ਕਰਦਿਆਂ ਜਲੰਧਰ ਰੇਂਜ ਵਿੱਚ ਸਹਾਇਕ ਸਬ ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ਰੈਂਕ ਦੇ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦਾ ਫੇਰਬਦਲ ਕੀਤਾ ਗਿਆ। ਜਲੰਧਰ ਦਿਹਾਤੀ ਵਿੱਚ ਘੱਟੋ-ਘੱਟ 106, ਹੁਸ਼ਿਆਰਪੁਰ ਵਿੱਚ 233 ਅਤੇ ਕਪੂਰਥਲਾ ਜ਼ਿਲ੍ਹੇ ਵਿੱਚ 180 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ।

Related Articles

Leave a Reply

Your email address will not be published. Required fields are marked *

Back to top button